ਹਰਪਾਲ ਸਿੰਘ ਨਾਗਰਾ
ਫ਼ਤਹਿਗੜ੍ਹ ਚੂੜੀਆਂ, 17 ਜੁਲਾਈ
ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਦਾਦੂਯੋਧ ਵਿੱਚ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸ੍ਰੀ ਕਾਹਲੋਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰਾਂ ਰਵੀਕਰਨ ਸਿੰਘ ਕਾਹਲੋਂ ਤੇ ਸ਼ਿਵਕਰਨ ਸਿੰਘ ਕਾਹਲੋਂ ਨੇ ਵਿਖਾਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਨਿਰਮਲ ਸਿੰਘ ਕਾਹਲੋਂ ਸੂਝਵਾਨ ਤੇ ਪ੍ਰੇਰਨਾ ਸਰੋਤ ਸਨ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਿਆਣੇ ਤੇ ਬੇਬਾਕ ਆਗੂ ਦੇ ਤੁਰ ਜਾਣ ਨਾਲ ਸਮੁੱਚੇ ਪੰਜਾਬ ਤੇ ਖਾਸ ਕਰ ਕੇ ਮਾਝਾ ਖੇਤਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬੀਬੀ ਜਗੀਰ ਕੌਰ, ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਿਆਸੀ ਗਲਿਆਰਿਆਂ ਵਿੱਚ ਅਹਿਮ ਸਥਾਨ ਰੱਖਣ ਵਾਲੇ ਨਿਰਮਲ ਸਿੰਘ ਕਾਹਲੋਂ ਨੇ ਆਪਣੇ ਕੰਮਾਂ ਨੂੰ ਦ੍ਰਿੜ੍ਹਤਾ ਤੇ ਜ਼ਿੰਮੇਵਾਰੀ ਨਾਲ ਨਿਭਾਇਆ।
ਇਸ ਮੌਕੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਅਮਰਪਾਲ ਸਿੰਘ ਬੋਨੀ ਅਜਨਾਲਾ, ਗੁਰਬਚਨ ਸਿੰਘ ਬੱਬੇਹਾਲੀ, ਵੀਰ ਸਿੰਘ ਲੋਪੋਕੇ, ਤਲਬੀਰ ਸਿੰਘ ਗਿੱਲ, ਬਲਬੀਰ ਸਿੰਘ ਬਾਠ, ਬਰਜਿੰਦਰ ਸਿੰਘ ਮੱਖਣ ਬਰਾੜ, ਸੁੱਚਾ ਸਿੰਘ ਲੰਗਾਹ, ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ‘ਆਪ’ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਭਾਜਪਾ ਆਗੂ ਫ਼ਤਹਿਜੰਗ ਸਿੰਘ ਬਾਜਵਾ ਤੇ ਬਲਵਿੰਦਰ ਸਿੰਘ ਲਾਡੀ ਸਮੇਤ ਹੋਰਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।