ਭਾਜਪਾ ਦੇ ਰਾਜ ਦੌਰਾਨ ਦਲਿਤਾਂ ਵਿਰੁੱਧ ਅਪਰਾਧ ਵਧੇ: ਚੀਮਾ
ਇਥੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੇਸ਼ ਦੇ ਚੀਫ ਜਸਟਿਸ ’ਤੇ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਦਲਿਤਾਂ ਵਿਰੁੱਧ ਅਪਰਾਧਕ ਘਟਾਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੇ ਚੀਫ ਜਸਟਿਸ ’ਤੇ ਹਮਲੇ ਦੀ ਘਟਨਾ ਵਿਰੁੱਧ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਚੁੱਪ ਵੱਟੀ ਹੋਈ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਦੇਸ਼ ਵਿੱਚ ਭਾਜਪਾ ਤੇ ਕਾਂਗਰਸ ਪਾਰਟੀ ਦਲਿਤਾਂ ਤੋਂ ਨਫ਼ਰਤ ਕਰਦੀ ਹੈ ਅਤੇ ਉਨ੍ਹਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਹੀ ਵਰਤਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਵਾਪਰ ਰਹੀ ਅਜਿਹੀਆਂ ਘਟਨਾਵਾਂ ਲਈ ਭਾਜਪਾ ਜ਼ਿੰਮੇਵਾਰ ਹੈ, ਜਿਸ ਵੱਲੋਂ ਆਪਣੇ ਅਣ-ਅਧਿਕਾਰਤ ਸੋਸ਼ਲ ਮੀਡੀਆ ਹੈਂਡਲਾਂ ਰਾਹੀਂ ਅਨੁਸੂਚਿਤ ਜਾਤੀ ਦੇ ਲੋਕਾਂ ਵਿਰੁੱਧ ਨਫ਼ਰਤ ਫੈਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐੱਨ ਸੀ ਆਰ ਬੀ) ਦੀ ਰਿਪੋਰਟ ਅਨੁਸਾਰ ਭਾਰਤ ਵਿੱਚ ਸਾਲ 2023 ਦੌਰਾਨ ਅਨੁਸੂਚਿਤ ਜਾਤੀਆਂ ਵਿਰੁੱਧ ਅਪਰਾਧਕ ਘਟਨਾਵਾਂ ਵਿੱਚ 28.8 ਫ਼ੀਸਦੀ ਦਾ ਵਾਧਾ ਹੋਇਆ ਹੈ।