ਚੰਡੀਗੜ੍ਹ, 25 ਅਗਸਤ
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਰੁੱਧ ਬਗਾਵਤੀ ਰੁਖ਼ ਅਪਣਾਉਣ ਵਾਲੇ ਚਾਰ ਕੈਬਨਿਟ ਮੰਤਰੀ ਬੁੱਧਵਾਰ ਨੂੰ ਦੇਹਰਾਦੂਨ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਜਨਰਲ ਸਕੱਤਰ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਬਾਅਦ ਸ੍ਰੀ ਰਾਵਤ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨੂੰ ਕੋਈ ਖਤਰਾ ਨਹੀਂ ਤੇ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਪੰਜਾਬ ਵਿੱਚ ਮੁੜ ਸਰਕਾਰ ਬਣਾਏਗੀ। ਅੱਜ ਉਨ੍ਹਾਂ ਨੂੰ ਪੰਜਾਬ ਦੇ ਚਾਰ ਮੰਤਰੀ ਤੇ ਤਿੰਨ ਵਿਧਾਇਕ ਮਿਲੇ ਸਨ। ਸ੍ਰੀ ਰਾਵਤ ਨੇ ਕਿਹਾ ਕਿ ਕਿਸੇ ਦੀ ਕਿਸੇ ਖ਼ਿਲਾਫ਼ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਨਹੀਂ ਹੈ, ਸਗੋਂ ਸਾਰੇ ਕਾਂਗਰਸ ਨੂੰ ਜਿਤਾਉਣ ਵਿੱਚ ਲੱਗੇ ਹੋਏ ਹਨ। ਉਹ ਇਕ ਰੋਡਮੈਪ ਚਾਹੁੰਦੇ ਤਾਂ ਜੋ ਚੋਣਾਂ ਵਿਪੱਚ ਪਾਰਟੀ ਦੀ ਜਿੱਤ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕੰਮਕਾਜ ਦੇ ਢੰਗ ਤੇ ਪ੍ਰਸ਼ਾਸਨ ਸਬੰਧੀ ਕੁੱਝ ਚਿੰਤਾਵਾਂ ਹਨ, ਜਿਨ੍ਹਾਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਪਤਾ ਲੱਗਿਆ ਹੈ ਕਿ ਨਵਜੋਤ ਸਿੰਘ ਸਿੱਧੂ ਧੜੇ ਦੇ ਨੇਤਾ ਦਿੱਲੀ ਆ ਕੇ ਪਾਰਟੀ ਨੇਤਾ ਸੋਨੀਆ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ। ਸੂਤਰਾਂ ਨੇ ਦੱਸਿਆ ਕਿ ਚਾਰ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਏਆਈਸੀਸੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਵਤ ਵਿਚਾਲੇ ਹੋਟਲ ਵਿੱਚ ਮੀਟਿੰਗ ਹੋਈ।