ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 16 ਜੂਨ
ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਨ ਸਾਹਿਬ ਹਮੇਸ਼ਾ ਖ਼ਾਲਿਸਤਾਨ ਅਤੇ ਪੰਥਪ੍ਰਸਤੀ ਦੀ ਗੱਲ ਕਰਦੇ ਹਨ ਪ੍ਰੰਤੂ ਉਨ੍ਹਾਂ ਵੱਲੋਂ ਗਾਂਧੀ ਪਰਿਵਾਰ ਦੇ ਹੱਕ ਵਿੱਚ ਬੋਲਣਾ ਬੇਹੱਦ ਦੁਖਦ ਹੈ। ਉਨ੍ਹਾਂ ਕਿਹਾ ਕਿ ਜੇਕਰ ਜਾਣਬੁੱਝ ਕੇ ਕਿਸੇ ਨੂੰ ਝੂਠੇ ਕੇਸ ਵਿੱਚ ਫਸਾਇਆ ਜਾਂਦਾ ਹੈ ਤਾਂ ਉਹ ਇਸ ਗੱਲ ਖ਼ਿਲਾਫ਼ ਹਨ ਪਰੰਤੂ ਕਿਸੇ ਕੇਸ ਵਿੱਚ ਇਨਕੁਆਰੀ ਕਰਨ ਦੇ ਮੰਤਵ ਦੇ ਨਾਲ ਜੇਕਰ ਕਿਸੇ ਵੀ ਆਗੂ ਨੂੰ ਈਡੀ ਜਾਂ ਕੋਈ ਹੋਰ ਏਜੰਸੀ ਬੁਲਾਉਂਦੀ ਹੈ ਤਾਂ ਉਸ ਵਿਚ ਕੁਝ ਗਲਤ ਨਹੀਂ ਹੈ। ਇਕ ਸਵਾਲ ਦਾ ਜਵਾਬ ਦਿੰਦਿਆਂ ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਜਲਦ ਕਰਵਾਈਆਂ ਜਾਣ। ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਅਫ਼ਸੋਸ ਪ੍ਰਗਟ ਕੀਤਾ।