ਦਵਿੰਦਰ ਪਾਲ
ਚੰਡੀਗੜ੍ਹ, 21 ਅਕਤੂਬਰ
ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਨੇਤਾਵਾਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ਉੱਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ’ਤੇ ਜਾਰੀ ਧਰਨਿਆਂ ਨੂੰ ਸੰਬੋਧਨ ਕਰਦਿਆਂ ਅੱਜ ਬੁਲਾਰਿਆਂ ਨੇ ਡੀਏਪੀ ਖਾਦ ਦੀ ਕਿੱਲਤ ਦਾ ਨੋਟਿਸ ਲਿਆ ਹੈ। ਆਗੂਆਂ ਨੇ ਕਿਹਾ ਕਿ ਡੀਏਪੀ ਖਾਦ ਦੀ ਥੁੜ੍ਹ ਦੂਰ ਕਰਨ ਦੀ ਲਗਾਤਾਰ ਮੰਗ ਕੀਤੀ ਜਾਂਦੀ ਰਹੀ ਹੈ ਪਰ ਹਾਲਾਤ ਸੁਧਰਨ ਦੀ ਬਜਾਏ ਬਦਤਰ ਹੋ ਰਹੇ ਹਨ। ਇੱਕ ਪਾਸੇ ਕਿਸਾਨ ਝੋਨੇ ਦੀ ਸਾਂਭ-ਸੰਭਾਲ ਵਿੱਚ ਰੁਝੇ ਹੋਏ ਹਨ ਤੇ ਦੂਜੇ ਪਾਸੇ ਖਾਦ ਦੇ ਇੰਤਜ਼ਾਮ ਲਈ ਉਨ੍ਹਾਂ ਨੂੰ ਲਾਈਨਾਂ ਵਿੱਚ ਲੱਗਣਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲ-ਖੁਆਰੀ ਬੰਦ ਕੀਤੀ ਜਾਵੇ ਤੇ 19 ਫ਼ੀਸਦੀ ਨਮੀ ਵਾਲਾ ਝੋਨਾ ਵੀ ਖਰੀਦਿਆ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਾਈਵੇਟ ਗੰਨਾ ਮਿੱਲਾਂ ਨੂੰ ਤੁਰੰਤ ਗੰਨਾ ਬਾਊਂਡ ਕਰਨ ਦੀ ਹਦਾਇਤ ਕਰੇ, ਡੀਏਪੀ ਦੀ ਕਾਲਾਬਾਜ਼ਾਰੀ ਰੋਕੀ ਪਾਵੇ ਅਤੇ ਸੁਸਾਇਟੀਆਂ ਤੇ ਪ੍ਰਾਈਵੇਟ ਦੁਕਾਨਾਂ ਉੱਪਰ ਖਾਦ ਦੀ ਢੁੱਕਵੀਂ ਸਪਲਾਈ ਯਕੀਨੀ ਬਣਾਵੇ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀਆਂ ਅਸਥੀਆਂ ਨੂੰ ਕੀਰਤਪੁਰ ਸਾਹਿਬ, ਗੋਇੰਦਵਾਲ ਸਾਹਿਬ ਅਤੇ ਹੁਸੈਨੀਵਾਲਾ ਵਿਖੇ 24 ਅਕਤੂਬਰ ਨੂੰ ਜਲ ਪ੍ਰਵਾਹ ਕਰਨ ਲਈ ਮਾਝੇ, ਮਾਲਵੇ ਅਤੇ ਦੁਆਬੇ ਵਿੱਚ ‘ਕਲਸ਼ ਯਾਤਰਾ’ ਕੱਢਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਦਿੱਲੀ ਮੋਰਚਿਆਂ ਨੂੰ ਮਜ਼ਬੂਤ ਕਰਨ ਦਾ ਸੱਦਾ
ਬੁਲਾਰਿਆਂ ਨੇ ਸਰਕਾਰ ਦੀਆਂ ਸਾਜ਼ਿਸ਼ਾਂ ਨਾਕਾਮ ਕਰਨ ਲਈ ਦਿੱਲੀ ਮੋਰਚਿਆਂ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਪਿਛਲੇ ਦਿਨੀਂ ਸਿੰਘੂ ਬਾਰਡਰ ’ਤੇ ਹੋਏ ਕਤਲ ਅਤੇ ਬਾਅਦ ਵਿੱਚ ਘਟਨਾਕ੍ਰਮ ਦੌਰਾਨ ਉਜਾਗਰ ਹੋਈਆਂ ਸਾਜ਼ਿਸ਼ਾਂ ਬਾਰੇ ਖੁੱਲ੍ਹੀ ਚਰਚਾ ਕੀਤੀ। ਆਗੂਆਂ ਨੇ ਕਿਹਾ ਕਿ ਇਹ ਗੱਲ ਹੁਣ ਚਿੱਟੇ ਦਿਨ ਵਾਂਗ ਸਾਫ ਹੋ ਚੁੱਕੀ ਹੈ ਕਿ ਸਰਕਾਰ ਧਾਰਮਿਕ ਭਾਵਨਾਵਾਂ ਭਟਕਾ ਕੇ ਲੋਕਾਂ ਵਿੱਚ ਫੁੱਟ ਪਾਉਣਾ ਚਾਹੁੰਦੀ ਹੈ ਤਾਂ ਜੋ ਕਿਸਾਨ ਅੰਦੋਲਨ ਨੂੰ ਢਾਹ ਲਾਈ ਜਾ ਸਕੇ। ਇਸੇ ਤਰ੍ਹਾਂ ਇੱਕ ਧਾਰਮਿਕ ਗਰੁੱਪ ਨੂੰ ਵਰਗਲਾ ਕੇ ਅੰਦੋਲਨ ਦੀ ਲੀਡਰਸ਼ਿਪ ਵਿਰੁੱਧ ਵਰਤਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਖ਼ਿਲਾਫ਼ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਕੇਂਦਰੀ ਏਜੰਸੀਆਂ ਅਤੇ ਉਨ੍ਹਾਂ ਦੇ ਹੱਥ ਠੋਕਿਆਂ ਦੀ ਗਿਣੀ-ਮਿੱਥੀ ਸਾਜ਼ਿਸ਼ ਦੀਆਂ ਪਰਤਾਂ ਇੱਕ-ਇੱਕ ਕਰਕੇ ਖੁੱਲ੍ਹਣ ਲੱਗੀਆਂ ਹਨ। ਆਗੂਆਂ ਨੇ ਸਿੰਘੂ ਘਟਨਾ ਦੀ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਹੇਠ ਕਰਵਾਉਣ ਦੇ ਨਾਲ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਅਤੇ ਕਿਸਾਨ ਭਲਾਈ ਰਾਜ ਮੰਤਰੀ ਕੈਲਾਸ਼ ਚੌਧਰੀ ਦੇ ਅਸਤੀਫ਼ਿਆਂ ਦੀ ਮੰਗ ਵੀ ਕੀਤੀ।