ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 31 ਜਨਵਰੀ
ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸਿੱਖ ਜਥੇਬੰਦੀਆਂ ਨੇ ਦਿੱਲੀ ’ਚ ਇੱਕ ਨੌਜਵਾਨ ਲੜਕੀ ’ਤੇ ਕੀਤੇ ਗਏ ਅਣ-ਮਨੁੱਖੀ ਤਸ਼ੱਦਦ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਇਸ ਦਾ ਸਖ਼ਤ ਨੋਟਿਸ ਲਵੇ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਅਣਮਨੁੱਖੀ ਘਟਨਾ ਜ਼ੁਲਮ ਦਾ ਸਿਖਰ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਮੁਗਲਾਂ ਵੇਲੇ ਹੁੰਦੇ ਤਸ਼ੱਦਦ ਨੂੰ ਵੀ ਮਾਤ ਦੇ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਛੇਤੀ ਤੋਂ ਛੇਤੀ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਵੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਤੋਂ ਸ਼ਰਮਨਾਕ ਹੋਰ ਕੀ ਹੋ ਸਕਦਾ ਹੈ ਕਿ ਇਕ ਬੇਵੱਸ ਅਤੇ ਇਕੱਲੀ ਲੜਕੀ ’ਤੇ ਸਮੂਹਿਕ ਰੂਪ ਵਿਚ ਜ਼ੁਲਮ ਕੀਤਾ ਗਿਆ ਅਤੇ ਹੋਰ ਵੀ ਅਫ਼ਸੋਸਨਾਕ ਹੈ ਕਿ ਇਸ ਜੁਰਮ ਵਿੱਚ ਔਰਤਾਂ ਵੀ ਸ਼ਾਮਲ ਹਨ। ਉਨ੍ਹਾਂ ਦਿੱਲੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀ ਕਿਸੇ ਵੀ ਹਾਲਤ ਵਿੱਚ ਬਖ਼ਸ਼ੇ ਨਹੀਂ ਜਾਣੇ ਚਾਹੀਦੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਦੀ ਪੜਤਾਲ ਲਈ ਦਿੱਲੀ ਸਿੱਖ ਮਿਸ਼ਨ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਇਸ ਘਟਨਾ ਨੂੰ ਦੁਖਦਾਈ ਦਸਦਿਆਂ ਕਿਹਾ ਕਿ ਇਸ ਦੀ ਤੁਰੰਤ ਜਾਂਚ ਹੋਣੀ ਚਾਹੀਦੀ ਹੈ।
ਦਲ ਖਾਲਸਾ ਦੇ ਆਗੂ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਹਜੂਮ ਨੇ ਜਿਸ ਢੰਗ ਨਾਲ ਔਰਤ ਦੇ ਕੇਸ ਕੱਟੇ, ਬੇਰਹਿਮੀ ਨਾਲ ਮਾਰਿਆ ਅਤੇ ਜ਼ਲੀਲ ਕਰਦਿਆਂ ਉਸ ਨੂੰ ਲੋਕਾਂ ਵਿੱਚ ਘੁਮਾਇਆ, ਇਹ ਔਰਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ।