ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 24 ਅਗਸਤ
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅੱਜ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਤਖ਼ਤ ਸਾਹਿਬ ਦੀ ਮੁਤਵਾਜ਼ੀ ਜਥੇਦਾਰੀ ਤੋਂ ਅਸਤੀਫਾ ਦੇ ਕੇ ਸਰਬੱਤ ਖਾਲਸਾ ਨੂੰ ਇਹ ਸੇਵਾ ਕਿਸੇ ਹੋਰ ਸੇਵਾਦਾਰ ਨੂੰ ਸੌਂਪਣ ਦੀ ਅਪੀਲ ਕੀਤੀ ਹੈ।
ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 10 ਨਵੰਬਰ 2015 ਨੂੰ ਸ਼ਹੀਦਾਂ ਦੀ ਧਰਤੀ ਚੰਬਾ ’ਤੇ ਸਰਬੱਤ ਖਾਲਸਾ ਵਿੱਚ ਸੰਗਤ ਨੇ ਉਨ੍ਹਾਂ ਨੂੰ ਤਖ਼ਤ ਦਮਦਮਾ ਸਾਹਿਬ ਦਾ ਜਥੇਦਾਰ ਥਾਪਿਆ ਸੀ। ਹੁਣ ਉਨ੍ਹਾਂ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ, ਜਿਸ ਕਰਕੇ ਉਹ ਹੁਣ ਤਖ਼ਤ ਦਮਦਮਾ ਸਾਹਿਬ ਪ੍ਰਤੀ ਆਪਣੀ ਸੇਵਾ ਅਤੇ ਵੱਡੀਆਂ ਜ਼ਿੰਮੇਵਾਰੀਆਂ ਨਿਭਾਉਣ ਤੋਂ ਅਸਮਰੱਥ ਹੋਣਗੇ। ਇਸ ਲਈ ਉਨ੍ਹਾਂ ਤਖ਼ਤ ਦਮਦਮਾ ਸਾਹਿਬ ਦੀ ਜਥੇਦਾਰੀ ਤੋਂ ਸਰਬੱਤ ਖਾਲਸਾ ਨੂੰ ਅਸਤੀਫਾ ਦੇ ਕੇ ਬੇਨਤੀ ਕੀਤੀ ਕਿ ਇਹ ਸੇਵਾ ਹੁਣ ਕਿਸੇ ਹੋਰ ਗੁਰਸਿੱਖ ਸਿੰਘ ਨੂੰ ਸੌਂਪੀ ਜਾਵੇ।
ਦਾਦੂਵਾਲ ਨੇ ਕਿਹਾ ਕਿ ਉਹ ਜਿੱਥੇ ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧਾਂ ਵਿੱਚ ਸੁਧਾਰ ਲਿਆਉਣ ਲਈ ਉਪਰਾਲੇ ਕਰਨਗੇ, ਉੱਥੇ ਹੀ ਪਹਿਲਾਂ ਦੀ ਤਰ੍ਹਾਂ ਦੇਸ਼-ਵਿਦੇਸ਼ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਅਤੇ ਸਿੱਖੀ ਦੇ ਪ੍ਰਚਾਰ ਤੇ ਪਸਾਰ ਦੀ ਲਹਿਰ ਸ਼ੁਰੂ ਕਰਨਗੇ। ਇਸ ਮੌਕੇ ਸਰਬਜੀਤ ਸਿੰਘ ਖਾਲਸਾ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।