ਪੱਤਰ ਪ੍ਰੇਰਕ
ਰਾਏਕੋਟ, 2 ਦਸੰਬਰ
ਪੰਜਾਬ ਦੇ ਟਰਾਂਸਪੋਰਟ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਖਿਆ ਕਿ ਟੈਕਸ ਚੋਰੀ ਕਰਨ ਵਾਲਿਆਂ, ਗੈਰ-ਕਾਨੂੰਨੀ ਗਤੀਵਿਧੀਆਂ ਤੇ ਬਿਨਾਂ ਪਰਮਿਟ ਬੱਸ ਅਪਰੇਟਰਾਂ ਖ਼ਿਲਾਫ਼ ਕਾਰਵਾਈ ਮਗਰੋਂ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੀ ਰੋਜ਼ਾਨਾ ਆਮਦਨ 1.05 ਕਰੋੜ ਰੁਪਏ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਸਰਕਾਰ ਨਵੀਆਂ ਬੱਸਾਂ ਖਰੀਦ ਕੇ ਸੂਬੇ ਦੇ ਹਜ਼ਾਰਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏਗੀ।
ਮੰਤਰੀ ਨੇ ਦਾਅਵਾ ਕੀਤਾ ਕਿ ਜੇਕਰ ਆਗਾਮੀ ਸਰਕਾਰ ਕਾਂਗਰਸ ਦੀ ਬਣੀ ਤਾਂ ਸਰਕਾਰੀ ਟਰਾਂਸਪੋਰਟ ਦਾ ਬੋਲਬਾਲਾ ਹੋਵੇਗਾ। ਟਰਾਂਸਪੋਰਟ ਮੰਤਰੀ ਵੜਿੰਗ ਅੱਜ ਇੱਥੇ ਸ਼ਹੀਦ ਭਗਤ ਸਿੰਘ ਕਮਿਊਨਿਟੀ ਸੈਂਟਰ ਵਿੱਚ ਯੂਥ ਕਾਂਗਰਸ ਵੱਲੋਂ ਰੱਖੇ ਗਏ ਇੱਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਬਲਿਕ ਟਰਾਂਸਪੋਰਟ ਨੂੰ ਮਜ਼ਬੂਤ ਕਰਨ ਲਈ ਵਿਭਾਗ ਵੱਲੋਂ 873 ਨਵੀਆਂ ਬੱਸਾਂ ਦਾ ਆਰਡਰ ਦਿੱਤਾ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਸਮੇਂ ਟਰਾਂਸਪੋਰਟ ਵਿਭਾਗ ਵਿੱਚ ਵੱਡਾ ਘਪਲਾ ਹੋਇਆ ਸੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ’ਤੇ ਲੈਂਦਿਆਂ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਸੂਬੇ ਦੀ ਜਨਤਾ ਅਤੇ ਪਾਰਟੀ ਨਾਲ ਧੋਖਾ ਕੀਤਾ ਹੈ, ਜਿਸ ਨੂੰ ਲੋਕ ਕਦੇ ਮੁਆਫ਼ ਨਹੀਂ ਕਰਨਗੇ। ਇੱਕ ਸੁਆਲ ਦੇ ਜੁਆਬ ਵਿੱਚ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਸਕੂਲ ਬੱਸ ਅਪਰੇਟਰਾਂ ਦਾ ਟੈਕਸ ਮੁਆਫ਼ ਕਰਨ ਲਈ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ, ਬਸ਼ਰਤੇ ਕਿ ਸਕੂਲ ਬੱਸ ਟਰਾਂਸਪੋਟਰ ਇਸ ਦਾ ਫਾਇਦਾ ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਦੇਣ।