ਆਤਿਸ਼ ਗੁਪਤਾ
ਚੰਡੀਗੜ੍ਹ, 14 ਮਈ
ਪੰਜਾਬ ਦੇ ਡੇਅਰੀ ਕਿਸਾਨਾਂ ਨੇ ਮੰਗਾਂ ਸਬੰਧੀ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ। ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐੱਫਏ) ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਅਤੇ ਹੋਰ ਮੈਂਬਰਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਤੋਂ ਡੇਅਰੀ ਕਿਸਾਨਾਂ ਨੂੰ ਵੱਡੀਆਂ ਆਸਾਂ ਸਨ ਪਰ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਦੀਆਂ ਮੰਗਾਂ ਵੱਲ ਕਿਸੇ ਨੇ ਧਿਆਨ ਨਹੀਂ ਦਿੱਤਾ। ਡੇਅਰੀ ਕਿਸਾਨਾਂ ਨੇ ਕਿਹਾ ਕਿ ਪੰਜਾਬ ਵਿੱਚ ਦੁੱਧ ਦੀਆਂ ਕੀਮਤਾਂ ’ਚ ਤਿੰਨ-ਚਾਰ ਸਾਲ ਤੋਂ ਵਾਧਾ ਨਹੀਂ ਕੀਤਾ ਗਿਆ, ਜਦੋਂਕਿ ਤੂੜੀ ਸਣੇ ਹੋਰ ਮਹਿੰਗਾਈ ਵਧਦੀ ਜਾ ਰਹੀ ਹੈ। ਸ੍ਰੀ ਸਦਰਪੁਰਾ ਨੇ ਮੰਗ ਕੀਤੀ ਕਿ ਸੂਬੇ ਦੇ ਡੇਅਰੀ ਕਿਸਾਨਾਂ ਲਈ ਘੱਟੋ-ਘੱਟ ਸੱਤ ਰੁਪਏ ਪ੍ਰਤੀ ਲਿਟਰ ਭਾਅ ਦਾ ਵਾਧਾ ਕੀਤਾ ਜਾਵੇ। ਪੀਡੀਐੱਫਏ ਦੇ ਪ੍ਰੈੱਸ ਸਕੱਤਰ ਰੇਸ਼ਮ ਸਿੰਘ ਭੁੱਲਰ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਜਥੇਬੰਦੀ ਦੀਆਂ ਮੰਗਾਂ ਨੂੰ 21 ਮਈ ਤੱਕ ਨਾ ਮੰਨਿਆ ਗਿਆ ਤਾਂ ਐਸੋਸੀਏਸ਼ਨ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰੇਗੀ। ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੇ ਦੇਸ਼ ਵਿੱਚ ਪੰਜਾਬ ਨੂੰ ਡੇਅਰੀ ਸੂਬਾ ਬਣਾਉਣ ’ਚ ਵੱਡਾ ਰੋਲ ਅਦਾ ਕੀਤਾ। ਇਸ ਲਈ ਸਰਕਾਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤਾ ਜਾਵੇ। ਇਸ ਮੌਕੇ ਬਲਵੀਰ ਸਿੰਘ ਨਵਾਂ ਸ਼ਹਿਰ, ਰਾਜਪਾਲ ਸਿੰਘ ਕੁਲਾਰ, ਰਣਜੀਤ ਸਿੰਘ ਲੰਗੇਆਣਾ, ਪਰਮਿੰਦਰ ਸਿੰਘ ਘੁਡਾਣੀ, ਸੁਖਦੇਵ ਸਿੰਘ ਬਰੌਲੀ, ਬਲਜਿੰਦਰ ਸਿੰਘ ਸਠਿਆਲਾ, ਅਵਤਾਰ ਸਿੰਘ, ਸੁਖਪਾਲ ਸਿੰਘ, ਸੁਖਜਿੰਦਰ ਸਿੰਘ ਘੁੰਮਣ, ਕੁਲਦੀਪ ਸਿੰਘ ਹਾਜ਼ਰ ਸਨ।