ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 15 ਮਾਰਚ
ਦਲ ਖਾਲਸਾ ਜਥੇਬੰਦੀ ਨੇ ਅੱਜ ਨਵੇਂ ਵਰ੍ਹੇ ਨੂੰ ਸਮਰਪਿਤ ਮੂਲ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕੀਤਾ ਹੈ ਅਤੇ ਇਹ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੂੰ ਭੇਟ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਨਾਂ ਇੱਕ ਮੰਗ ਪੱਤਰ ਰਾਹੀਂ ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕਰਨ ਦੀ ਮੰਗ ਕੀਤੀ ਹੈ।
ਮੂਲ ਨਾਨਕਸ਼ਾਹੀ ਕੈਲੰਡਰ ਸੰਮਤ 554 ਵਿੱਚ ਸਿੱਖ ਕੌਮ ਦੇ ਜੁਝਾਰੂਆਂ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਮੌਕੇ ਹਾਜ਼ਰ ਪਾਰਟੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਬੁਲਾਰੇ ਪਰਮਜੀਤ ਸਿੰਘ ਮੰਡ ਨੇ ਦੋਸ਼ ਲਾਇਆ ਕਿ ਪਿਛਲੇ ਸੱਤ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਬਿਕਰਮੀ ਕੈਲੰਡਰ ਨੂੰ ‘ਨਾਨਕਸ਼ਾਹੀ’ ਦੇ ਨਾਂ ਹੇਠ ਛਾਪ ਕੇ ਵੰਡ ਰਹੀ ਹੈ, ਜੋ ਸਿੱਖਾਂ ਨਾਲ ਧੋਖਾ ਹੈ। ਪਾਰਟੀ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਨੇ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਲਾਗੂ ਕਰਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਾਂ ਇਕ ਪੱਤਰ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੂੰ ਸੌਂਪਿਆ ਗਿਆ ਹੈ।