ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਅਪਰੈਲ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਤੇ ਬਾਦਲਾਂ ’ਤੇ ਹਮੇਸ਼ਾ ਦਲਿਤਾਂ ਦੇ ਨਾਮ ’ਤੇ ਰਾਜਨੀਤੀ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਸੱਚਮੁਚ ਦਲਿਤਾਂ ਦਾ ਫਿਕਰ ਹੁੰਦਾ ਤਾਂ ਅੱਜ ਪੰਜਾਬ ’ਚ ਦਲਿਤਾਂ ਦੀ ਹਾਲਤ ਮਾੜੀ ਨਾ ਹੁੰਦੀ। ਸ਼੍ਰੋਮਣੀ ਅਕਾਲੀ ਦਲ ਨੇ ਦਸ ਸਾਲ ਅਤੇ ਕੈਪਟਨ ਸਰਕਾਰ ਨੇ ਚਾਰ ਸਾਲਾਂ ਵਿੱਚ ਦਲਿਤਾਂ ਦੀ ਸਥਿਤੀ ਸੁਧਾਰਨ ਲਈ ਕੋਈ ਠੋਸ ਕੰਮ ਨਹੀਂ ਕੀਤਾ ਪਰ ਹੁਣ ਜਦੋਂ ਵਿਧਾਨ ਸਭਾ ਚੋਣਾਂ ਨੇੜੇ ਆ ਗਈਆਂ ਤਾਂ ਦਲਿਤਾਂ ਦੀ ਯਾਦ ਆ ਰਹੀ ਹੈ। ਸ੍ਰੀ ਚੀਮਾ ਨੇ ਕਿਹਾ ਕਿ ਦਲਿਤਾਂ ਦੇ ਨਾਂ ’ਤੇ ਰਾਜਨੀਤੀ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਦੀਆਂ ਵੱਖ-ਵੱਖ ਯੋਜਨਾਵਾਂ ਜਿਵੇਂ ਪੋਸਟ ਮੈਟਰਿਕ ਸਕਾਲਰਸ਼ਿਪ, ਵਰਦੀਆਂ ਅਤੇ ਕਿਤਾਬਾਂ ਦੇ ਫੰਡਾਂ ’ਚ ਕੀਤੇ ਕਰੋੜਾਂ ਰੁਪਏ ਦੇ ਘੁਟਾਲਿਆਂ ਦਾ ਹਿਸਾਬ ਦੇਣ। ਉਨ੍ਹਾਂ ਕਿਹਾ ਕਿ ਜੇ ਕੈਪਟਨ ਨੇ ਸੱਚਮੁੱਚ ਦਲਿਤਾਂ ਲਈ ਕੰਮ ਕਰਨਾ ਹੁੰਦਾ ਤਾਂ ਉਹ ਵਜ਼ੀਫ਼ਾ ਘੁਟਾਲੇ ’ਚ ਸ਼ਾਮਲ ਕੈਬਨਿਟ ਮੰਤਰੀ ਨੂੰ ਬਰਖ਼ਾਸਤ ਕਰਦੇ। ‘ਆਪ’ ਆਗੂ ਨੇ ਕਿਹਾ ਕਿ ਬਾਦਲ ਸਰਕਾਰ ਦੇ ਸਮੇਂ ਦਲਿਤਾਂ ’ਤੇ ਬਹੁਤ ਜ਼ਿਆਦਾ ਜ਼ੁਲਮ ਹੋਏ। ਬਾਦਲ ਨੇ ਕਦੇ ਦਲਿਤਾਂ ਦੀ ਸਮਾਜਿਕ ਦਸ਼ਾ ਸੁਧਾਰਨ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕੈਪਟਨ ਤੇ ਬਾਦਲ ਨੇ ਬਾਬਾ ਸਾਹਿਬ ਵੱਲੋਂ ਸੰਵਿਧਾਨ ’ਚ ਲਿਖੀ ਇਕ ਵੀ ਗੱਲ ਨੂੰ ਲਾਗੂ ਨਹੀਂ ਕੀਤਾ। ਹੁਣ ਚੋਣਾਂ ਨੇੜੇ ਆਉਂਦੀਆਂ ਦੇਖ ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਸਿੰਘ ਬਾਦਲ ਦਲਿਤਾਂ ਦੇ ਮਸੀਹੇ ਬਣਨ ਦਾ ਝੂਠਾ ਨਾਟਕ ਕਰ ਰਹੇ ਹਨ।