ਪੱਤਰ ਪ੍ਰੇਰਕ
ਰਈਆ, 16 ਸਤੰਬਰ
ਦਮਦਮੀ ਟਕਸਾਲ ਮੁਖੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਕੇਂਦਰ ਸਰਕਾਰ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਮਕਸਦ ਲਈ ਪੰਜਾਬ ਸਰਕਾਰ ਨੂੰ ਵੀ ਚਾਰਾਜੋਈ ਕਰਨ ਦੀ ਅਪੀਲ ਕੀਤੀ ਹੈ। ਦਮਦਮੀ ਟਕਸਾਲ ਦੇ ਮੁਖੀ ਨੇ ਅੱਜ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿੱਚ ਸਿੱਖ ਸੰਘਰਸ਼ ਖ਼ਾਤਰ 28 ਸਾਲ ਵੱਖ ਵੱਖ ਜੇਲ੍ਹਾਂ ਵਿਚ ਕੈਦ ਕੱਟਣ ਮਗਰੋਂ ਬੀਤੇ ਦਿਨੀਂ ਰਿਹਾਅ ਹੋਏ ਜਥੇਦਾਰ ਲਾਲ ਸਿੰਘ ਪਿੰਡ ਅਕਾਲਗੜ੍ਹ ਦਾ ਸਨਮਾਨ ਕੀਤਾ। ਇਸ ਦੌਰਾਨ ਉਨ੍ਹਾਂ ਜਥੇਦਾਰ ਅਕਾਲਗੜ੍ਹ ਨਾਲ ਸਿੱਖ ਸੰਘਰਸ਼, ਪੰਥਕ ਤੇ ਕੌਮੀ ਮਸਲਿਆਂ ’ਤੇ ਵਿਚਾਰਾਂ ਵੀ ਕੀਤੀਆਂ। ਇਸ ਮੌਕੇ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸਿੱਖ ਕੌਮ ਲਈ ਜੇਲ੍ਹਾਂ ਕੱਟਣ ਵਾਲੇ ਸਿੱਖ ਸਿਆਸੀ ਕੈਦੀਆਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ।