ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਅਗਸਤ
ਜ਼ਿਲ੍ਹਾ ਊਧਮ ਸਿੰਘ ਨਗਰ (ਉੱਤਰਾਖੰਡ) ਦੇ ਪਿੰਡ ਬਲਰਾਮ ਨਗਰ ਵਿੱਚ ਜਨਮ ਅਸ਼ਟਮੀ ਮੌਕੇ ਗੁਰਦੁਆਰੇ ਅੰਦਰ ਨ੍ਰਿਤ ਕਰਵਾਉਣ ਦੀ ਘਟਨਾ ਨੂੰ ਮਰਿਆਦਾ ਦੀ ਉਲੰਘਣਾ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਾਂਚ ਟੀਮ ਨੇ ਇਸ ਗੁਰਦੁਆਰੇ ਵਿਚੋਂ ਪਾਵਨ ਸਰੂਪ ਕਿਸੇ ਹੋਰ ਗੁਰਦੁਆਰੇ ਵਿਚ ਤਬਦੀਲ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਦੀ ਤੁਰੰਤ ਜਾਂਚ ਤੇ ਘਟਨਾ ਲਈ ਜ਼ਿੰਮੇਵਾਰ ਗੁਰਦੁਆਰਾ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦਿੱਤੇ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਕਤ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਉੱਤਰਾਖੰਡ ਦੇ ਪ੍ਰਚਾਰਕ ਉਕਤ ਸਥਾਨ ’ਤੇ ਭੇਜੇ ਗਏ ਸਨ, ਜਿਨ੍ਹਾਂ ਨੇ ਸਥਾਨਕ ਸੰਗਤ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਇਸ ਅਸਥਾਨ ਤੋਂ ਤਬਦੀਲ ਕਰਕੇ ਗੁਰਦੁਆਰਾ ਗੁਰੂ ਸਿੰਘ ਸਭਾ ਗਦਰਪੁਰ ਪਹੁੰਚਾ ਦਿੱਤੇ ਹਨ।