ਪੱਤਰ ਪ੍ਰੇਰਕ
ਚੰਡੀਗੜ੍ਹ, 11 ਸਤੰਬਰ
ਸਰਕਾਰ ਨਾਲ ਹੋਈਆਂ ਮੀਟਿੰਗਾਂ ਤੋਂ ਅਸੰਤੁਸ਼ਟ ਡੀਸੀ ਦਫ਼ਤਰ ਕਾਮਿਆਂ ਨੇ ਮੀਟਿੰਗ ਕਰਦਿਆਂ ਸਰਕਾਰ ਨੂੰ ਦਸ ਦਿਨ ਦਾ ਸਮਾਂ ਦੇ ਕੇ 22 ਅਤੇ 23 ਸਤੰਬਰ ਨੂੰ ਦੋ ਰੋਜ਼ਾ ‘ਕਲਮ ਛੱਡੋ’ ਹੜਤਾਲ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ 23 ਸਤੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਮੁਹਾਲੀ ਵਿੱਚ ਸੂਬਾ ਪੱਧਰੀ ਰੈਲੀ ਕਰਨ ਦਾ ਫ਼ੈਸਲਾ ਵੀ ਲਿਆ ਗਿਆ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਤੇ ਜਨਰਲ ਸਕੱਤਰ ਜੋਗਿੰਦਰ ਕੁਮਾਰ ਜ਼ੀਰਾ ਨੇ ਦੱਸਿਆ ਕਿ ਡੀਸੀ ਦਫਤਰ ਕਰਮਚਾਰੀ ਯੂਨੀਅਨ ਦੇ ਸੂਬਾਈ ਨੁਮਾਇੰਦਿਆਂ ਦੀ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਛੇ ਅਗਸਤ ਨੂੰ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਕਈ ਮੰਗਾਂ ’ਤੇ ਸਹਿਮਤੀ ਬਣੀ ਸੀ ਪਰ ਵਿੱਤੀ ਕਮਿਸ਼ਨਰ ਮਾਲ ਨੇ ਯੂਨੀਅਨ ਨਾਲ ਹੋਈ ਰੀਵਿਊ ਮੀਟਿੰਗ ਵਿੱਚ ਮੁੱਖ ਸਕੱਤਰ ਦੇ ਹਵਾਲੇ ਨਾਲ ਮੰਨੀਆਂ ਹੋਈਆਂ ਸਾਰੀਆਂ ਮੰਗਾਂ ਮੰਨਣ ਤੋਂ ਕੋਰਾ ਜਵਾਬ ਦੇ ਦਿੱਤਾ, ਜਿਸ ਖ਼ਿਲਾਫ਼ ਉਨ੍ਹਾਂ ਨੂੰ ਰੋਸ ਹੈ।