ਡੀਸੀ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਝੋਨੇ ਦੀ ਖਰੀਦ ਸਬੰਧੀ ਵੱਖ-ਵੱਖ ਖ਼ਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਪੂਰੇ ਕਰ ਲਏ ਜਾਣ, ਤਾਂ ਜੋ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 126 ਖਰੀਦ ਕੇਂਦਰ ਬਣਾਏ ਗਏ ਹਨ। ਉਨ੍ਹਾਂ ਨੇ ਖਰੀਦ ਏਜੰਸੀਆਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਦੀ ਪੂਰੀ ਤਰ੍ਹਾਂ ਸਾਫ-ਸਫਾਈ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਲਈ ਪੀਣ ਵਾਲਾ ਪਾਣੀ, ਪਖਾਨੇ, ਰੌਸ਼ਨੀ, ਛਾਂ ਆਦਿ ਸਮੇਤ ਹਰੇਕ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਹੋਣੇ ਚਾਹੀਦੇ ਹਨ, ਤਾਂ ਕਿ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਮੁਸ਼ਕਲ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੁੱਕੀ ਫਸਲ ਹੀ ਮੰਡੀਆਂ ਵਿਚ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਰਾਤਾਂ ਨਾ ਗੁਜ਼ਾਰਨੀਆਂ ਪੈਣ। ਉਨ੍ਹਾਂ ਕਿਹਾ ਕਿ 17 ਫੀਸਦੀ ਨਮੀ ਤੱਕ ਹੀ ਝੋਨੇ ਦੀ ਫਸਲ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨ ਇਸ ਤੋਂ ਵੱਧ ਨਮੀ ਵਾਲਾ ਝੋਨਾ ਮੰਡੀ ਵਿੱਚ ਲਿਆਉਂਦਾ ਹੈ ਤਾਂ ਉਸ ਕਿਸਾਨ ਨੂੰ ਝੋਨਾ ਸੁੱਕਣ ਤੱਕ ਮੰਡੀ ਵਿਚ ਹੀ ਰੁਕਣਾ ਪਵੇਗਾ।
ਉਹਨਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਕਿਸਾਨਾਂ ਅਤੇ ਬਾਕੀ ਕੰਮਕਾਰ ਵਾਲਿਆਂ ਦੀ ਖੱਜਲ-ਖੁਆਰੀ ਵੱਧਦੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਖੇਤੀ ਮਾਹਰਾਂ ਦੀ ਸਲਾਹ ਅਨੁਸਾਰ ਖੇਤੀਬਾੜੀ ਵਿਭਾਗ ਵੱਲੋਂ ਉਪਲੱਬਧ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਸੰਭਾਲਣ। ਇਸ ਮੀਟਿੰਗ ਵਿਚ ਡੀਐੱਫ਼ਐੱਸਸੀ ਜਿਤਿਨ ਵਰਮਾ, ਜ਼ਿਲ੍ਹਾ ਮੰਡੀ ਅਫ਼ਸਰ ਜਸਮੀਤ ਸਿੰਘ ਬਰਾੜ, ਡੀਐੱਮ ਪਨਸਪ ਰਮਨ ਗੋਇਲ, ਡੀਐੱਮ ਮਾਰਕਫੈੱਡ ਦਰਸ਼ਨ ਲਾਲ ਅਤੇ ਡੀਐੱਮ ਵੇਅਰ ਹਾਊਸ ਮੁਨੀਸ਼ ਧਮਾਨ ਆਦਿ ਹਾਜ਼ਰ ਸਨ।