ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਫੋਨ ਕਰਨਗੇ ਡੀਸੀ
ਸੂਬਾ ਸਰਕਾਰ ਨੇ ਤਹਿਸੀਲਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਹੁਣ ਸੂਬੇ ਦੇ ਡਿਪਟੀ ਕਮਿਸ਼ਨਰ ਰੋਜ਼ਾਨਾ ਰਜਿਸਟਰੀਆਂ ਕਰਵਾਉਣ ਵਾਲੇ ਵਿਅਕਤੀਆਂ ਨੂੰ ਸਿੱਧਾ ਫੋਨ ਕਰ ਕੇ ਉਨ੍ਹਾਂ ਨਾਲ ਗੱਲਬਾਤ ਕਰਨਗੇ। ਇਸ ਦੌਰਾਨ ਉਹ ਰਜਿਸਟਰੀ ਕਰਵਾਉਣ ਸਮੇਂ ਕਿਸੇ ਵੱਲੋਂ ਰਿਸ਼ਵਤ ਦੀ ਮੰਗ ਕਰਨ ਬਾਰੇ ਜਾਣਕਾਰੀ ਹਾਸਲ ਕਰਨਗੇ। ਇਹ ਆਦੇਸ਼ ਪੰਜਾਬ ਸਰਕਾਰ ਦੇ ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਜਾਰੀ ਕੀਤੇ ਹਨ। ਉਨ੍ਹਾਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਨਾਮ ਪੱਤਰ ਜਾਰੀ ਕਰਦਿਆਂ ਕਿਹਾ ਕਿ ਉਹ ਰੋਜ਼ਾਨਾ ਰਜਿਸਟਰੀਆਂ ਕਰਵਾਉਣ ਵਾਲਿਆਂ ਵਿੱਚੋਂ ਘੱਟੋ-ਘੱਟ 5 ਫ਼ੀਸਦ ਲੋਕਾਂ ਨੂੰ ਸਿੱਧਾ ਫੋਨ ਕਰਕੇ ਪਤਾ ਕਰਨ ਕਿ ਉਨ੍ਹਾਂ ਤੋਂ ਰਜਿਸਟਰੀ ਕਰਵਾਉਣ ਸਮੇਂ ਕਿਸੇ ਨੇ ਕੋਈ ਰਿਸ਼ਵਤ ਤਾਂ ਨਹੀਂ ਲਈ ਜਾਂ ਫਿਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਤਾਂ ਨਹੀਂ ਕਰਨਾ ਪਿਆ। ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਇਲਾਕੇ ਦੇ ਡੀਡ ਲੇਖਕਾਂ ਤੇ ਪ੍ਰਾਪਰਟੀ ਡੀਲਰਾਂ ਨਾਲ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ। ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਮੁਹਾਲੀ ਤੋਂ ਆਸਾਨ ਰਜਿਸਟਰੀ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਹੈ।