ਸ਼ਹੀਦ ਸੰਤ ਹਰਚੰਦ ਸਿੰਘ ਦੀ ਬਰਸੀ ਅੱਜ
ਦੋਵੇਂ ਅਕਾਲੀ ਧਿਰਾਂ ਵੱਲੋਂ ਪੰਡਾਲ ਲਗਾ ਕੇ ਕਾਨਫਰੰਸਾਂ ਲਈ ਪੁਖਤਾ ਪ੍ਰਬੰਧ; ਅਾਗੂਆਂ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ
Advertisement
ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ 20 ਅਗਸਤ ਨੂੰ ਲੌਂਗੋਵਾਲ ’ਚ ਮਨਾਈ ਜਾ ਰਹੀ ਹੈ। ਭਾਵੇਂ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੁੱਜ ਰਹੀ ਹੈ ਪਰ ਇਸ ਲੀਡਰਸ਼ਿਪ ਵਿਚਕਾਰ ਆਪਸੀ ਧੜੇਬੰਦੀ ਦੀ ਖਿੱਚੀ ਗਈ ਸਿਆਸੀ ਲਕੀਰ ਹੁਣ ਹੋਰ ਲੰਮੀ ਹੋ ਚੁੱਕੀ ਹੈ। ਬਰਸੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਦੋਵੇਂ ਧਿਰਾਂ ਵੱਲੋਂ ਸਿਆਸੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਾਲੇ ਅਕਾਲੀ ਦਲ ਵੱਲੋਂ ਸ਼ਰਧਾਂਜਲੀ ਸਮਾਗਮ ਭਾਈ ਮਨੀ ਸਿੰਘ ਖਾਲਸਾ ਕਾਲਜ ਕੈਂਬੋਵਾਲ ਰੋਡ ਲੌਂਗੋਵਾਲ ਵਿਖੇ ਹੋ ਰਿਹਾ ਹੈ। ਇੱਥੇ ਹੋਣ ਵਾਲੀ ਕਾਨਫਰੰਸ ਲਈ ਵਿਸ਼ਾਲ ਵਾਟਰ ਪਰੂਫ ਪੰਡਾਲ ਲਗਾਇਆ ਗਿਆ ਹੈ। ਪ੍ਰਬੰਧਾਂ ਦੀਆਂ ਤਿਆਰੀਆਂ ’ਚ ਜੁਟੇ ਪਾਰਟੀ ਦੇ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਦੱਸਿਆ ਕਿ ਕਾਨਫਰੰਸ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਸਿਕੰਦਰ ਸਿੰਘ ਮਲੂਕਾ ਸਣੇ ਹੋਰ ਆਗੂ ਪੁੱਜ ਰਹੇ ਹਨ।ਉਧਰ, ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਸਬੰਧੀ ਸਮਾਗਮ ਅਨਾਜ ਮੰਡੀ ਲੌਂਗੋਵਾਲ ਵਿੱਚ ਕਰਵਾਇਆ ਜਾ ਰਿਹਾ ਹੈ। ਪ੍ਰਬੰਧਾਂ ਦੀ ਦੇਖ-ਰੇਖ ਕਰ ਰਹੇ ਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸਵੇਰੇ ਗੁਰਦੁਆਰਾ ਕੈਂਬੋਵਾਲ ਵਿੱਚ ਪਾਠ ਦੇ ਭੋਗ ਪੈਣਗੇ। ਮਗਰੋਂ ਅਨਾਜ ਮੰਡੀ ਵਿਚ ਸ਼ਰਧਾਂਜਲੀ ਸਮਾਗਮ ਹੋਵੇਗਾ ਜਿਸ ਲਈ ਵਿਸ਼ਾਲ ਪੰਡਾਲ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਪੰਥਕ ਕੌਂਸਲ ਦੇ ਚੇਅਰਪਰਸਨ ਬੀਬੀ ਸਤਵੰਤ ਕੌਰ, ਪੰਜ ਮੈਂਬਰੀ ਕਮੇਟੀ ’ਚ ਸ਼ਾਮਲ ਆਗੂ ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ, ਮਨਪ੍ਰੀਤ ਸਿੰਘ ਇਆਲੀ, ਇਕਬਾਲ ਸਿੰਘ ਝੂੰਦਾਂ ਤੋਂ ਇਲਾਵਾ ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਬੀਬੀ ਜਗੀਰ ਕੌਰ, ਸੁਰਜੀਤ ਸਿੰਘ ਰੱਖੜਾ ਸਣੇ ਸਮੁੱਚੀ ਲੀਡਰਸ਼ਿਪ ਪੁੱਜ ਰਹੀ ਹੈ।
ਇਸ ਮੌਕੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਨਾਜ ਮੰਡੀ ’ਚ ਹੋਣ ਵਾਲੀ ਸ਼ਹੀਦੀ ਕਾਨਫਰੰਸ ਇਤਿਹਾਸਕ ਹੋਵੇਗੀ ਜੋ ਅਕਾਲੀ ਸਿਆਸਤ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਤੋਂ ਜਾਰੀ ਆਦੇਸ਼ਾਂ ਅਨੁਸਾਰ ਹੀ ਨਵੀਂ ਮੈਂਬਰਸ਼ਿਪ ਹੋਣ ਉਪਰੰਤ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਹੋਈ ਹੈ ਅਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ।
Advertisement
Advertisement