ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦਾ ਅੱਜ ਸ਼ਾਮ ਨੂੰ ਦੇਹਾਂਤ ਹੋ ਗਿਆ ਹੈ। ਉਹ ਲਗਪਗ 83 ਵਰ੍ਹਿਆਂ ਦੇ ਸਨ। ਉਨ੍ਹਾਂ ਨੂੰ ਅੱਜ ਸ਼ਾਮ ਦਿਲ ਦਾ ਦੌਰਾ ਪਿਆ ਅਤੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹ ਆਪਣੇ ਪਿੱਛੇ ਦੋ ਬੇਟੇ ਅਤੇ ਤਿੰਨ ਬੇਟੀਆਂ ਛੱਡ ਗਏ ਹਨ। ਉਨ੍ਹਾਂ ਦਾ ਇਕ ਬੇਟਾ ਤੇ ਇਕ ਬੇਟੀ ਵਿਦੇਸ਼ ਵਿੱਚ ਹਨ। ਉਹ ਪਿਛਲੇ ਕੁਝ ਸਮੇਂ ਤੋਂ ਠੀਕ ਵੀ ਨਹੀਂ ਸਨ। ਸੰਸਥਾ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਭਲਕੇ 12 ਮਾਰਚ ਨੂੰ ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਹੇਠਲੇ ਸਾਰੇ ਵਿੱਦਿਅਕ ਅਦਾਰੇ ਤੇ ਹੋਰ ਅਦਾਰੇ ਬੰਦ ਰਹਿਣਗੇ। ਉਨ੍ਹਾਂ ਦੇ ਸਦੀਵੀ ਵਿਛੋੜੇ ਦੇ ਦੁੱਖ ਵਿਚ ਭਲਕੇ ਬਾਰ੍ਹਾਂ ਮਾਰਚ ਨੂੰ ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਹੇਠਲੇ ਸਾਰੇ ਵਿੱਦਿਅਕ ਅਦਾਰੇ ਤੇ ਹੋਰ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਇਕ ਸੂਚਨਾ ਸੰਸਥਾ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਵੱਲੋਂ ਵੀ ਜਾਰੀ ਕੀਤੀ ਗਈ ਹੈ।