ਪਾਲ ਸਿੰਘ ਨੌਲੀ
ਜਲੰਧਰ, 3 ਜੁਲਾਈ
ਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ ਦੇ ਪਿੰਡ ਤਕੀਆ ਵਿੱਚ ਜ਼ਹਿਰੀਲੀ ਚਾਹ ਪੀਣ ਕਾਰਨ ਭੈਣ-ਭਰਾ ਦੀ ਮੌਤ ਹੋ ਗਈ, ਜਦਕਿ ਪਰਿਵਾਰ ਦੇ ਤਿੰਨ ਹੋਰ ਜੀਅ ਜ਼ੇਰੇ ਇਲਾਜ ਹਨ।
ਪੁਲੀਸ ਨੇ ਬੱਚਿਆਂ ਦੀਆਂ ਲਾਸ਼ਾਂ ਦੇ ਪੋਸਟਮਾਰਟਮ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੀ ਮੁਰਦਾ ਘਰ ਵਿੱਚ ਰਖਵਾ ਦਿੱਤਾ ਹੈ।
ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਪਿੰਡ ਤਕੀਆ ਦੇ ਇੱਕ ਪਰਿਵਾਰ ਦੇ ਪੰਜ ਜੀਅ ਕਥਿ ਤ ਤੌਰ ’ਤੇ ਛਿਪਕਲੀ ਵਾਲੀ ਜ਼ਹਿਰੀਲੀ ਚਾਹ ਪੀਣ ਕਾਰਨ ਬਿਮਾਰ ਹੋ ਗਏ ਸਨ। ਉਨ੍ਹਾਂ ਨੂੰ ਇਲਾਜ ਲਈ ਪਹਿਲਾਂ ਜ਼ੀਰਾ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਪਰ ਹਾਲਤ ਗੰਭੀਰ ਹੋਣ ਮਗਰੋਂ ਮੋਗਾ ਦੇ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਇੱਥੇ ਇਲਾਜ ਦੌਰਾਨ ਦੋ ਛੋਟੇ ਬੱਚਿਆਂ ਦੀ ਮੌਤ ਹੋ ਗਈ, ਜਿਨ੍ਹਾਂ ਦੀ ਪਛਾਣ ਸ਼ਿਵਰਾਜ ਸਿੰਘ ਤੇ ਦਮਨਪ੍ਰੀਤ ਕੌਰ ਵਜੋਂ ਹੋਈ ਹੈ। ਬੱਚਿਆਂ ਦੇ ਪਿਤਾ ਗੁਰਪ੍ਰੀਤ ਸਿੰਘ ਤੇ ਮਾਤਾ ਬਲਜੀਤ ਕੌਰ ਸਮੇਤ ਛੋਟੀ ਭੈਣ ਨਵਰੀਤ ਕੌਰ ਜ਼ੇਰੇ ਇਲਾਜ ਹਨ।
ਪਿੰਡ ਤਕੀਆ ਦੇ ਵਸਨੀਕਾਂ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਘਰ ਵਿੱਚ ਬਣਾਈ ਚਾਹ ਹੀ ਪੀਤੀ ਸੀ ਅਤੇ ਇਸ ਮਗਰੋਂ ਉਨ੍ਹਾਂ ਦੀ ਸਿਹਤ ਵਿਗੜ ਗਈ। ਮੰਨਿਆ ਜਾ ਰਿਹਾ ਹੈ ਕਿ ਚਾਹ ਵਿੱਚ ਛਿਪਕਲੀ ਡਿੱਗ ਗਈ ਸੀ। ਪੀੜਤ ਪਰਿਵਾਰ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਮਿਹਨਤ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਪਾਲਦਾ ਹੈ, ਇਸ ਲਈ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਦੀ ਬਾਂਹ ਫੜਨੀ ਚਾਹੀਦੀ ਹੈ।
ਥਾਣਾ ਕਬੀਰਪੁਰ ਦੀ ਪੁਲੀਸ ਨੇ ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੀ ਮੁਰਦਾ ਘਰ ਵਿੱਚ ਰਖਵਾ ਦਿੱਤਾ ਹੈ। ਐੱਸਐੱਚਓ ਲਖਵਿੰਦਰ ਸਿੰਘ ਟੁਰਨਾ ਨੇ ਦੱਸਿਆ ਕਿ ਪੁਲੀਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਆਈਪੀਸੀ ਦੀ ਧਾਰਾ 174 ਅਧੀਨ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਹਿਰੀਲੀ ਚਾਹ ਪੀਣ ਕਾਰਨ ਹੀ ਬੱਚਿਆਂ ਦੀ ਮੌਤ ਹੋਈ ਹੈ।