ਪੱਤਰ ਪ੍ਰੇਰਕ
ਰੂਪਨਗਰ, 24 ਨਵੰਬਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਦੀ ਮਾਤਾ ਰਾਜ ਰਾਣੀ (84) ਦਾ ਅੱਜ ਸਵੇਰੇ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪੁੱਤਰ ਰਾਣਾ ਕੇਪੀ ਸਿੰਘ ਸਣੇ ਤਿੰਨ ਧੀਆਂ ਛੱਡ ਗਏ ਹਨ। ਉਹ ਪਿਛਲੇ ਕੁਝ ਦਿਨਾਂ ਤੋਂ ਰੂਪਨਗਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਜ਼ੇਰੇ ਇਲਾਜ਼ ਸਨ। ਉਨ੍ਹਾਂ ਦਾ ਸਸਕਾਰ ਅੱਜ ਗ੍ਰਹਿ ਪਿੰਡ ਖਟਾਣਾ (ਨੂਰਪੁਰ ਬੇਦੀ) ਵਿੱਚ ਕੀਤਾ ਗਿਆ। ਇਸ ਮੌਕੇ ਪਰਿਵਾਰ ਦੇ ਸਕੇ ਸਬੰਧੀ, ਸਨੇਹੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਮਾਤਾ ਰਾਜ ਰਾਣੀ ਇਸ ਵੇਲੇ ਪਿੰਡ ਖਟਾਣਾ ਦੇ ਸਰਪੰਚ ਵਜੋਂ ਸੇਵਾ ਨਿਭਾਅ ਰਹੇ ਸਨ। ਇਸ ਤੋਂ ਪਹਿਲਾਂ ਵੀ ਉਹ ਦੋ ਵਾਰ ਪਿੰਡ ਦੇ ਸਰਪੰਚ ਰਹਿ ਚੁੱਕੇ ਹਨ। ਉਨ੍ਹਾਂ ਨਮਿਤ ਅੰਤਿਮ ਅਰਦਾਸ 5 ਦਸੰਬਰ ਨੂੰ ਬਾਅਦ ਦੁਪਹਿਰ ਉਨ੍ਹਾਂ ਦੇ ਰੂਪਨਗਰ ਨਿਵਾਸ ਸਥਾਨ ’ਤੇ ਹੋਵੇਗੀ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ।