ਰਾਮ ਗੋਪਾਲ ਰਾਏਕੋਟੀ
ਰਾਏਕੋਟ, 29 ਜੁਲਾਈ
ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਮਰਹੂਮ ਟਕਸਾਲੀ ਅਕਾਲੀ ਆਗੂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮਹਿੰਦਰ ਕੌਰ ਤਲਵੰਡੀ (91) ਦਾ ਅੱਜ ਚੰਡੀਗੜ੍ਹ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਪੀਜੀਆਈ ਚੰਡੀਗੜ੍ਹ ਵਿੱਚ ਜ਼ੇਰੇ ਇਲਾਜ ਸਨ, ਜਿੱਥੇ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਉਨ੍ਹਾਂ ਦੇ ਪੁੱਤਰ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਦੱਸਿਆ ਕਿ ਮਾਤਾ ਦਾ ਸਸਕਾਰ ਜੱਦੀ ਪਿੰਡ ਤਲਵੰਡੀ ਰਾਏ ਵਿੱਚ 30 ਜੁਲਾਈ ਨੂੰ ਕੀਤਾ ਜਾਵੇਗਾ। ਮਾਤਾ ਮਹਿੰਦਰ ਕੌਰ ਦੇ ਦੇਹਾਂਤ ’ਤੇ ਪਾਕਿਸਤਾਨ ਦੇ ਸਾਬਕਾ ਸੰਸਦ ਮੈਂਬਰ ਅਤੇ ਰਾਏਕੋਟ ਦੇ ਨਵਾਬ ਰਾਏ ਕੱਲ੍ਹਾ ਦੇ ਵੰਸ਼ਜ਼ ਰਾਏ ਅਜ਼ੀਜ਼ ਉੱਲ੍ਹਾ ਨੇ ਕੈਨੇਡਾ ਤੋਂ ਫੋਨ ਕਰ ਕੇ ਤਲਵੰਡੀ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ। ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਸੰਸਦੀ ਸਕੱਤਰ ਅਤੇ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਬਿਕਰਮਜੀਤ ਸਿੰਘ ਖਾਲਸਾ, ਲੁਧਿਆਣਾ ਦਿਹਾਤੀ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਯੂਥ ਆਗੂ ਕਾਮਿਲ ਬੋਪਾਰਾਏ, ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ (ਟ.ਨ.ਸ.): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਤਾ ਮਹਿੰਦਰ ਕੌਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ, ਸਾਕ- ਸਨੇਹੀਆਂ ਤੇ ਦੋਸਤਾਂ ਨਾਲ ਦੁੱਖ ਸਾਂਝਾ ਕੀਤਾ।