ਐੱਸਏਐੱਸ ਨਗਰ (ਮੁਹਾਲੀ) (ਪੱਤਰ ਪ੍ਰੇਰਕ): ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਪੁਰਾਣੇ ਮਾਮਲੇ ਵਿੱਚ ਜ਼ਮਾਨਤ ਲੈਣ ਲਈ ਮੁਹਾਲੀ ਅਦਾਲਤ ਦਾ ਬੂਹਾ ਖੜਕਾਇਆ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀ ਬਹਿਸ ਸੁਣਨ ਲਈ ਸੁਣਵਾਈ 21 ਅਪਰੈਲ ਤੱਕ ਮੁਲਤਵੀ ਕਰ ਦਿੱਤੀ ਹੈ। ਸਾਬਕਾ ਡੀਜੀਪੀ ਪਿਛਲੇ ਸਾਲ 18 ਅਗਸਤ ਨੂੰ ਰਾਤ ਕਰੀਬ 8 ਵਜੇ ਜਾਂਚ ਵਿੱਚ ਸ਼ਾਮਲ ਹੋਣ ਲਈ ਆਇਆ ਸੀ। ਵਿਜੀਲੈਂਸ ਨੇ ਡਬਲਿਊ. ਡਬਲਿਊ. ਆਈ.ਸੀ.ਐੱਸ ਦੇ ਡਾਇਰੈਕਟਰ ਦਵਿੰਦਰ ਸਿੰਘ ਸੰਧੂ ਖ਼ਿਲਾਫ਼ 17 ਸਤੰਬਰ 2020 ਨੂੰ ਵੱਖ ਵੱਖ ਧਾਰਾਵਾਂ ਤਹਿਤ ਰੀਅਲ ਅਸਟੇਟ ਨਾਲ ਜੁੜੇ ਪੁਰਾਣੇ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰੀ ਪਾ ਲਈ ਸੀ, ਪਰ ਬਾਅਦ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ। ਦੇਸ਼ ਦੀ ਸਿਖਰਲੀ ਅਦਾਲਤ ਦੇ ਨਿੱਜੀ ਦਖ਼ਲ ਤੋਂ ਬਾਅਦ ਵਿਜੀਲੈਂਸ ਅਤੇ ਪੁਲੀਸ ਨੇ ਸੈਣੀ ਵਿਰੁੱਧ ਚੱਲ ਰਹੇ ਪੁਰਾਣੇ ਕੇਸਾਂ ਦੀਆਂ ਫਾਈਲਾਂ ਤੋਂ ਮਿੱਟੀ ਝਾੜਨੀ ਸ਼ੁਰੂ ਕਰ ਦਿੱਤੀ ਹੈ।