ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 21 ਅਪਰੈਲ
ਪੰਜਾਬ ਦੇ ਬਹੁ-ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਪੁਰਾਣੇ ਕੇਸ ਵਿੱਚ ਅਗਾਊਂ ਜ਼ਮਾਨਤ ਅਰਜ਼ੀ ’ਤੇ ਅੱਜ ਮੁਹਾਲੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਵਿਚਕਾਰ ਬਹਿਸ ਹੋਈ। ਸੈਣੀ ਨੂੰ ਪਹਿਲਾਂ ਮਿਲੀ ਕੱਚੀ ਜ਼ਮਾਨਤ ਦੀ ਮਿਆਦ 26 ਅਪਰੈਲ ਨੂੰ ਖ਼ਤਮ ਹੋ ਰਹੀ ਹੈ ਜਿਸ ਕਾਰਨ ਸੇਵਾਮੁਕਤ ਪੁਲੀਸ ਅਧਿਕਾਰੀ ਨੇ ਆਪਣੀ ਗ੍ਰਿਫ਼ਤਾਰੀ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਮੁਹਾਲੀ ਅਦਾਲਤ ਵਿੱਚ ਪਿਛਲੇ ਦਿਨੀਂ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਜ਼ਿਲ੍ਹਾ ਤੇ ਸੈਸ਼ਨ ਜੱਜ ਆਰ ਐਸ ਰਾਏ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਸਰਕਾਰੀ ਵਕੀਲ ਸੰਜੀਵ ਬੱਤਰਾ ਨੇ ਸਾਬਕਾ ਡੀਜੀਪੀ ਦੀ ਜ਼ਮਾਨਤ ਅਰਜ਼ੀ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕੋਠੀ ਦੀ ਖ਼ਰੀਦੋ-ਫਰੋਖ਼ਤ ਮਾਮਲੇ ਵਿੱਚ ਸੈਣੀ ਨੇ ਪੁਲੀਸ ਨੂੰ ਲੋੜੀਂਦੇ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਜਿਸ ਕਾਰਨ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾਣੀ ਹੈ ਪਰ ਬਚਾਅ ਪੱਖ ਨੇ ਕਿਹਾ ਕਿ ਦਸਤਾਵੇਜ਼ ਸੌਂਪ ਦਿੱਤੇ ਹਨ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 25 ਅਪਰੈਲ ਤੱਕ ਫੈਸਵਾਂ ਰਾਖਵਾਂ ਰੱਖ ਲਿਆ ਹੈ।