ਕਰਜ਼ੇ ਦੀ ਮਾਰ: ਵਿਰੋਧੀ ਧਿਰਾਂ ਵੱਲੋਂ ‘ਆਪ’ ਸਰਕਾਰ ਦੀ ਘੇਰਾਬੰਦੀ
ਚਰਨਜੀਤ ਭੁੱਲਰ
ਚੰਡੀਗੜ੍ਹ, 1 ਜੁਲਾਈ
ਵਿਰੋਧੀ ਧਿਰਾਂ ਨੇ ਦੂਜੀ ਤਿਮਾਹੀ ’ਚ 8500 ਕਰੋੜ ਦਾ ਕਰਜ਼ਾ ਚੁੱਕਣ ਦੇ ਮਾਮਲੇ ’ਤੇ ‘ਆਪ’ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਦੀਵਾਲੀਏਪਣ ਦੀ ਸਥਿਤੀ ’ਚ ਧੱਕ ਦਿੱਤਾ ਹੈ ਅਤੇ ਹੁਣ ਸਰਕਾਰ ਦੂਜੀ ਤਿਮਾਹੀ (ਜੁਲਾਈ, ਅਗਸਤ ਅਤੇ ਸਤੰਬਰ) ਲਈ 8500 ਕਰੋੜ ਰੁਪਏ ਦਾ ਕਰਜ਼ਾ ਚੁੱਕਣ ਦੀ ਤਿਆਰੀ ’ਚ ਹੈ। ਬਾਜਵਾ ਨੇ ਕਿਹਾ ਕਿ ਇਹ ਸਪੱਸ਼ਟ ਹੈ ਸਰਕਾਰ ਕਰਜ਼ੇ ’ਤੇ ਨਿਰਭਰ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 2022 ’ਚ ਪੰਜਾਬ ’ਤੇ 2,81,773 ਕਰੋੜ ਰੁਪਏ ਦਾ ਕਰਜ਼ਾ ਬਕਾਇਆ ਸੀ। ਇਸ ਵਿੱਤੀ ਸਾਲ (2025-26) ਦੇ ਅੰਤ ਤੱਕ ਸੂਬੇ ਦਾ ਜਨਤਕ ਕਰਜ਼ਾ 4 ਲੱਖ ਕਰੋੜ ਰੁਪਏ ਤੱਕ ਪਹੁੰਚਣ ਦਾ ਅਨੁਮਾਨ ਹੈ। ਇਸ ਸਰਕਾਰ ਦੇ ਕਾਰਜਕਾਲ ਦੇ ਆਖ਼ਰੀ ਸਾਲ 2026-27 ਦੇ ਅੰਤ ਤੱਕ ਕਰਜ਼ਾ ਚਿੰਤਾਜਨਕ 4,50,000 ਕਰੋੜ ਰੁਪਏ ਨੂੰ ਛੂਹਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਕਰਜ਼ੇ ਦਾ ਬੋਝ ਝੱਲਣਾ ਪਵੇਗਾ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਕਿਸ਼ਤਾਂ ’ਤੇ ਚੱਲ ਰਹੀ ਹੈ ਅਤੇ ‘ਆਪ’ ਸਰਕਾਰ ਨੂੰ ਹਰ ਮਹੀਨੇ ਕਰਜ਼ਾ ਚੁੱਕਣਾ ਪੈ ਰਿਹਾ ਹੈ।
ਕਰਜ਼ੇ ਬਾਰੇ ਵਿਧਾਇਕਾਂ ਨੂੰ ਸਵਾਲ ਪੁੱਛਣ ਲੋਕ: ਪਰਗਟ ਸਿੰਘ
ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਇਸ ਮਾਮਲੇ ’ਚ ਪੰਜਾਬ ਦੇ ਲੋਕਾਂ ਨੂੰ ਹੁਣ ਹਰ ‘ਆਪ’ ਵਿਧਾਇਕ ਨੂੰ ਸਵਾਲ ਪੁੱਛਣੇ ਚਾਹੀਦੇ ਹਨ। ਉਨ੍ਹਾਂ ਸਰਕਾਰ ਨੂੰ ਸਵਾਲ ਕੀਤਾ ਕਿ 54 ਹਜ਼ਾਰ ਕਰੋੜ ਰੁਪਏ ਖ਼ਜ਼ਾਨੇ ’ਚ ਲਿਆਉਣ ਵਾਲੀ ਗਾਰੰਟੀ ਦਾ ਕੀ ਬਣਿਆ। ਉਨ੍ਹਾਂ ਕਿਹਾ ਕਿ ਕੀ ਇਹ ਵੀ ਕੇਜਰੀਵਾਲ ਮਾਡਲ ਦਾ ਇੱਕ ਹੋਰ ਝੂਠ ਹੈ।
ਪੈਸਾ ਕਿਧਰ ਜਾ ਰਿਹਾ ਹੈ: ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਹਰ ਮਹੀਨੇ ਕਰਜ਼ਾ ਚੁੱਕ ਕੇ ਕੰਮ ਚਲਾ ਰਹੀ ਹੈ ਪਰ ਵਿਕਾਸ ’ਤੇ ਕੋਈ ਪੈਸਾ ਖ਼ਰਚ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਕੁੱਲ ਘਰੇਲੂ ਉਤਪਾਦ ਤੇ ਕਰਜ਼ ਦੇ ਅਨੁਪਾਤ ਦੇ ਲਿਹਾਜ਼ ਨਾਲ ਪੰਜਾਬ ਦੇਸ਼ ’ਚੋਂ ਦੂਜਾ ਸੂਬਾ ਹੈ ਜਿਸ ’ਤੇ ਏਨਾ ਕਰਜ਼ਾ ਹੈ। ਬਾਦਲ ਨੇ ਕਿਹਾ ਕਿ ਪੰਜਾਬੀ ਜਾਣਨਾ ਚਾਹੁੰਦੇ ਹਨ ਕਿ ਇਹ ਪੈਸਾ ਕਿੱਥੇ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਫ਼ੰਡਾਂ ਦੀ ਦੁਰਵਰਤੋਂ ਦੇ ਮਾਮਲੇ ਦੀ ਨਿਰਪੱਖ ਏਜੰਸੀ ਤੋਂ ਜਾਂਚ ਹੋਣੀ ਚਾਹੀਦੀ ਹੈ।