ਗਗਨਦੀਪ ਅਰੋੜਾ
ਲੁਧਿਆਣਾ, 13 ਫਰਵਰੀ
ਭਾਜਪਾ ਤੇ ਇਸ ਦੇ ਗੱਠਜੋੜ ਵਿਚ ਸ਼ਾਮਲ ਪਾਰਟੀਆਂ ਦੇ ਉਮੀਦਵਾਰਾਂ ਦੇ ਹੱਕ ਵਿੱਚ ਰੈਲੀ ਕਰਨ ਅੱਜ ਇੱਥੇ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੂਬੇ ਦੀਆਂ ਸਨਅਤਾਂ ਲਈ ਕਈ ਵੱਡੇ ਐਲਾਨ ਕੀਤੇ। ਸ਼ਾਹ ਨੇ ਇਸ ਮੌਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਨਾਅਰਾ ਵੀ ਦਿੱਤਾ ਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ ਵੀ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਵਿੱਚ ਐਨਡੀਏ ਦੀ ਸਰਕਾਰ ਬਣਨ ’ਤੇ ਤੁਰੰਤ ਪੰਜਾਬ ਦੇ ਕਿਸਾਨਾਂ ਦਾ 50 ਹਜ਼ਾਰ ਤੱਕ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨਸ਼ਾ ਮੁਕਤ ਪੰਜਾਬ ਲਈ, ਸੂਬੇ ਦੇ ਚਾਰ ਵੱਡੇ ਸ਼ਹਿਰਾਂ ਵਿੱਚ ਨਾਰਕੋਟਿਕਸ ਬਿਊਰੋ ਬਣਾਏ ਜਾਣਗੇ, ਹਰ ਸ਼ਹਿਰ ਵਿੱਚ ਐਸਟੀਐਫ਼ ਹੋਵੇਗਾ। ਸੂਬੇ ਦੀ ਜੋ ਸਨਅਤ ਬਾਹਰਲੇ ਸੂਬਿਆਂ ਵਿੱਚ ਚਲੀ ਗਈ ਹੈ, ਉਸ ਨੂੰ ਵਾਪਸ ਲਿਆਂਦਾ ਜਾਵੇਗਾ। ਉਨ੍ਹਾਂ ਵਾਅਦਾ ਕੀਤਾ ਕਿ ਜੇ ਸਨਅਤਕਾਰ ਤੇ ਲੋਕ ਭਾਜਪਾ ਨੂੰ ਜਿਤਾਉਣਗੇ ਤਾਂ ਲੁਧਿਆਣਾ ਦੇ ਸਾਈਕਲ ਉਦਯੋਗ ਨੂੰ ਵਿਸ਼ਵ ਪੱਧਰ ’ਤੇ ਲਿਜਾਣ ਲਈ ਵੱਡੇ ਉਪਰਾਲੇ ਕੀਤੇ ਜਾਣਗੇ। ਇਸ ਤੋਂ ਇਲਾਵਾ ਹੋਰ ਵੀ ਵੱਡੇ ਪ੍ਰਾਜੈਕਟ ਲਿਆਂਦੇ ਜਾਣਗੇ। ਸੂਬੇ ਦੀਆਂ ਸਨਅਤਾਂ ਨੂੰ ਚਾਰ ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇਗੀ। ਰੈਲੀ ਦੌਰਾਨ ਸ਼ਾਹ ਨੇ ਲੁਧਿਆਣਾ ਜ਼ਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਤੇ ਉਨ੍ਹਾਂ ਦੇ ਗੱਠਜੋੜ ਵਿਚ ਸ਼ਾਮਲ ਪਾਰਟੀਆਂ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਉਣ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗੱਠਜੋੜ ਕੀਤਾ ਹੈ। ਉਨ੍ਹਾਂ ਪੰਜਾਬ ਨੂੰ ਭਾਰਤ ਦੇ ਜਿਗਰ ਦਾ ਟੁਕੜਾ ਦੱਸਦੇ ਹੋਏ ਕਿਹਾ ਕਿ ਪੰਜਾਬ ਬਿਨਾਂ ਦੇਸ਼ ਦਾ ਸਨਮਾਨ ਨਹੀਂ। ਰੈਲੀ ਦੌਰਾਨ ਅਮਿਤ ਸ਼ਾਹ ਨੇ ਪਾਕਿਸਤਾਨ ਵਿੱਚ ਕੀਤੀ ਸਰਜੀਕਲ ਸਟ੍ਰਾਈਕ ’ਤੇ ਵੀ ਗੱਲ ਕੀਤੀ। ਉਨ੍ਹਾਂ ਨਾਲ ਹੀ ਕਿਹਾ ਕਿ ਜੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਇੱਥੇ ਸਿੱਖਾਂ ਤੇ ਹਿੰਦੂਆਂ ਦਾ ਧਰਮ ਬਦਲਾਉਣ ਵਾਲੇ ਲੋਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਏਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਦੀ ਭਲਾਈ ਲਈ ਕਈ ਕਦਮ ਚੁੱਕੇ ਹਨ। ਸ਼ਾਹ ਨੇ ਇਸ ਮੌਕੇ ਕਰਤਾਰਪੁਰ ਲਾਂਘੇ, ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ 300 ਥਾਵਾਂ ’ਤੇ ਮਨਾਉਣ ਦਾ ਜ਼ਿਕਰ ਕੀਤਾ। ਦਸਤਾਰ ਸਜਾ ਕੇ ਤੇ ਸ਼ਾਲ ਲੈ ਕੇ ਗ੍ਰਹਿ ਮੰਤਰੀ ਸ਼ਾਹ ਨੇ ਪਹਿਲਾਂ ‘ਸਤਿ ਸ੍ਰੀ ਅਕਾਲ’, ਫਿਰ ‘ਜੈ ਸ੍ਰੀ ਰਾਮ’ ਤੇ ਮਗਰੋਂ ‘ਭਾਰਤ ਮਾਤਾ ਕੀ ਜੈ’ ਦਾ ਜੈਕਾਰਾ ਲਾ ਕੇ ਰੈਲੀ ਸ਼ੁਰੂ ਕੀਤੀ। ਉਨ੍ਹਾਂ ਸਿੱਖ ਗੁਰੂਆਂ ਨੂੰ ਸਿਜਦਾ ਕਰਦਿਆਂ ਭਾਸ਼ਣ ਦੀ ਸ਼ੁਰੂਆਤ ਵਿੱਚ ਲੋਕਾਂ ਨਾਲ ਨਸ਼ਾ ਮੁਕਤ ਪੰਜਾਬ ਦਾ ਵਾਅਦਾ ਕੀਤਾ। ਕੇਂਦਰੀ ਮੰਤਰੀ ਤੇ ਭਾਜਪਾ ਆਗੂ ਨੇ ਇਸ ਮੌਕੇ ਪੰਜਾਬ ਦੇ ਸਰਹੱਦੀ ਸੂਬਾ ਹੋਣ ਦੇ ਮੱਦੇਨਜ਼ਰ ਸੁਰੱਖਿਆ ਦੇ ਲਿਹਾਜ਼ ਤੋਂ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਐਨਡੀਏ ਸਰਕਾਰ ਕਿਸਾਨਾਂ ਦੀ ਭਲਾਈ ਲਈ ਖੇਤੀ ਵਿਭਿੰਨਤਾ, ਮਿੱਟੀ ਦੀ ਗੁਣਵੱਤਾ ਨੂੰ ਕਾਇਮ ਰੱਖਣ ਲਈ ਨਵੀਆਂ ਤਕਨੀਕਾਂ ਨੂੰ ਹੁਲਾਰਾ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦਾ ਪੇਟ ਭਰਿਆ ਹੈ, ਉਨ੍ਹਾਂ ਨੂੰ ਇਸ ਦਾ ਫਾਇਦਾ ਮਿਲਣਾ ਚਾਹੀਦਾ ਹੈ। ਉਨ੍ਹਾਂ ਦੀ ਆਮਦਨ ਵਿੱਚ ਵੱਖ-ਵੱਖ ਤਰੀਕਿਆਂ ਨਾਲ ਵਾਧਾ ਕੀਤਾ ਜਾਵੇਗਾ। ਇਥੇ ਭਾਜਪਾ ਉਮੀਦਵਾਰਾਂ ਲਈ ਪ੍ਰਚਾਰ ਕਰਨ ਆਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ’ਤੇ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ। ਜੇ ਇੱਥੇ ਦਾ ਮੁੱਖ ਮੰਤਰੀ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਯਕੀਨੀ ਨਹੀਂ ਬਣਾ ਸਕਿਆ ਤਾਂ ਉਹ ਪੰਜਾਬ ਦੀ ਸੁਰੱਖਿਆ ਕੀ ਕਰੇਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਂ ਲਏ ਬਿਨਾਂ ਉਨ੍ਹਾਂ ਕਿਹਾ ਕਿ ਇਹ ਕੋਈ ਕਾਮੇਡੀ ਸ਼ੋਅ ਨਹੀਂ ਚੱਲ ਰਿਹਾ। ਇਹ ਪੰਜਾਬ ਸੰਭਾਲਣ ਦੀ ਗੱਲ ਹੈ ਅਤੇ ਇਹ ਜ਼ਿੰਮੇਵਾਰੀ ਭਾਜਪਾ ਤੋਂ ਇਲਾਵਾ ਕੋਈ ਹੋਰ ਸਹੀ ਤਰ੍ਹਾਂ ਨਾਲ ਨਹੀਂ ਸੰਭਾਲ ਸਕਦਾ। ਇਸ ਮੌਕੇ ਅਮਿਤ ਸ਼ਾਹ ਸਾਹਮਣੇ ਬੈਠੇ ਲੋਕਾਂ ਤੋਂ ਵਾਰ-ਵਾਰ ਕੁਝ ਸਵਾਲ ਪੁੱਛਦੇ ਰਹੇ।
ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾਅਵਾ ਕਰਦੇ ਹਨ ਕਿ ਜੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਤਾਂ ਸੂਬੇ ’ਚੋਂ ਨਸ਼ਾ ਖਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਥਾਂ-ਥਾਂ ਸ਼ਰਾਬ ਦੇ ਠੇਕੇ ਖੁੱਲ੍ਹਵਾਉਣ ਵਾਲਾ ਵਿਅਕਤੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਗੱਲ ਕਰ ਰਿਹਾ ਹੈ। ਉਨ੍ਹਾਂ ਕਿ ਜੇ ਪੰਜਾਬ ਵਿਚ ‘ਆਪ’ ਦੀ ਸਰਕਾਰ ਆਈ ਤਾਂ ਇੱਥੇ ਅਤਿਵਾਦੀ ਮੁੜ ਪਰਤ ਆਉਣਗੇ। ‘ਆਪ’ ਦੀ ਸਰਕਾਰ ਪੰਜਾਬ ਲਈ ਹੋਰ ਵੀ ਖ਼ਤਰਾ ਬਣ ਸਕਦੀ ਹੈ। ਇਸ ਦੇ ਉਲਟ ਜੇ ਪੰਜਾਬ ਵਿਚ ਭਾਜਪਾ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਵਿਚ ਨਵੇਂ ਪ੍ਰਾਜੈਕਟ ਆਉਣਗੇ ਅਤੇ ਸੂਬਾ ਤਰੱਕੀ ਦੇ ਰਾਹ ਪਵੇਗਾ।
ਯੂਪੀਏ ਸਰਕਾਰ ’ਤੇ ਸਰਹੱਦੀ ਸੁਰੱਖਿਆ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ
ਲੁਧਿਆਣਾ: ਸਰਹੱਦੀ ਸੁਰੱਖਿਆ ਦੇ ਮਾਮਲੇ ’ਤੇ ਬੋਲਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੁਗ਼ਲਾਂ ਤੋਂ ਲੈ ਕੇ ਆਜ਼ਾਦੀ ਤੱਕ ਭਾਰਤ ਉਤੇ ਹੋਏ ਹਰ ਹਮਲੇ ਵਿੱਚ ਪੰਜਾਬ ਦੇ ਲੋਕਾਂ ਨੇ ਖ਼ੂਨ ਵਹਾਇਆ ਹੈ। ਉਨ੍ਹਾਂ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਜਦ ਦੇਸ਼ ਵਿੱਚ ਯੂਪੀਏ ਸਰਕਾਰ ਸੀ, ਉਦੋਂ ਜੇ ਪਾਕਿਸਤਾਨ ਹਮਲਾ ਕਰਨ ਵਰਗੀ ਕੋਈ ਵੀ ਕਾਰਵਾਈ ਕਰਦਾ ਸੀ ਤਾਂ ਸਰਕਾਰ ਚੁੱਪ ਬੈਠ ਜਾਂਦੀ ਸੀ। ਪਰ ਜਦ ਤੋਂ ਦੇਸ਼ ਵਿੱਚ ਮੋਦੀ ਸਰਕਾਰ ਬਣੀ ਹੈ, ਭਾਰਤ ਦੀ ਫ਼ੌਜ ਨੇ ਪਾਕਿਸਤਾਨ ਦੇ ਅੰਦਰ ਦਾਖਲ ਹੋ ਕੇ ਉੱਥੇ ਸਰਜੀਕਲ ਸਟ੍ਰਾਈਕਾਂ ਨੂੰ ਅੰਜਾਮ ਦਿੱਤਾ ਹੈ।
ਅਮਿਤ ਸ਼ਾਹ ਨੇ ਦਰਬਾਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇਥੇ ਭਾਜਪਾ ਗੱਠਜੋੜ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪੰਜਾਬ ਵਿਚ ਭਾਜਪਾ ਸਰਕਾਰ ਹੀ ਸੂਬੇ ਨੂੰ ਵਧੀਆ ਸੁਰੱਖਿਅਤ ਮਾਹੌਲ ਦੇ ਸਕਦੀ ਹੈ। ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਜੋ ਸਰਕਾਰ ਪ੍ਰਧਾਨ ਮੰਤਰੀ ਦੀ ਆਮਦ ’ਤੇ ਇਕ ਰਸਤੇ ਨੂੰ ਸੁਰੱਖਿਅਤ ਨਹੀਂ ਕਰ ਸਕਦੀ, ਉਹ ਸੂਬੇ ਨੂੰ ਸੁਰੱਖਿਆ ਦੇਣ ਵਿਚ ਵੀ ਅਸਫ਼ਲ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਅੱਜ ਇਥੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ’ਚ ਮੱਥਾ ਵੀ ਟੇਕਿਆ। ਸਥਾਨਕ ਰਣਜੀਤ ਐਵੇਨਿਊ ’ਚ ਜ਼ਿਲ੍ਹੇ ਦੇ 11 ਹਲਕਿਆਂ ਵਿਚ ਚੋਣਾਂ ਲੜ ਰਹੇ ਭਾਜਪਾ ਗੱਠਜੋੜ ਦੇ ਉਮੀਦਵਾਰਾਂ ਦੇ ਹੱਕ ਵਿਚ ਰੱਖੀ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਪੀੜਤਾਂ ਨੂੰ ਮੁਆਵਜ਼ਾ ਦੇਣ, ਸ੍ਰੀ ਹਰਿਮੰਦਰ ਸਾਹਿਬ ’ਚ ਵਿਦੇਸ਼ਾਂ ਤੋਂ ਦਾਨ ਰਾਸ਼ੀ ਭੇਜਣ ਲਈ ਐੱਫਸੀਆਰਏ ਦੀ ਸਹੂਲਤ ਦੇਣ ਅਤੇ ਲੰਗਰ ਤੋਂ ਜੀਐੱਸਟੀ ਖਤਮ ਕਰਨ ਦਾ ਵਿਸ਼ੇਸ਼ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ 35 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ 630 ਕਿਲੋਮੀਟਰ ਲੰਮਾ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਬਣਾਇਆ ਜਾ ਰਿਹਾ ਹੈ, ਜਿਸ ਨਾਲ ਇਥੋਂ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਵੀ ਆਪਣਾ ਮਾਲ ਭੇਜਣ ਤੇ ਕੱਚਾ ਮਾਲ ਮੰਗਵਾਉਣ ਵਿਚ ਵੱਡੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪਹਿਲਾਂ ਵੀ ਪੰਜਾਬ ਵਿਚ ਚੋਣਾਂ ਲੜੀਆਂ ਹਨ ਪਰ ਇਸ ਵਾਰ ਪਾਰਟੀ ਦੀ ਸਰਕਾਰ ਬਣਾਉਣ ਲਈ ਚੋਣਾਂ ਲੜੀਆਂ ਜਾ ਰਹੀਆਂ ਹਨ। ਇਸ ਚੋਣ ਜੰਗ ਵਿਚ ਉਨ੍ਹਾਂ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੀਆਂ ਪਾਰਟੀਆਂ ਸ਼ਾਮਲ ਹਨ। ਉਨ੍ਹਾਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਸਾਰੇ ਚੰਗਾ ਸ਼ਾਸਨ ਦੇਣ ਦਾ ਦਾਅਵਾ ਕਰ ਰਹੇ ਹਨ ਪਰ ਉਨ੍ਹਾਂ ਦਾ ਇਨ੍ਹਾਂ ਨੂੰ ਸਵਾਲ ਹੈ ਕਿ ਉਹ ਪੰਜਾਬ ਨੂੰ ਕਿਵੇਂ ਚਲਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬੀ ਪਹਿਲਾਂ ਹੀ ਇਨਾਂ ਦਾ ਰਾਜਕਾਲ ਦੇਖ ਚੁੱਕੇ ਹਨ। ਦਿੱਲੀ ਵਿਚ ‘ਆਪ’ ਦੀ ਸਰਕਾਰ ਦੋ ਵਾਰ ਦੋ ਤਿਹਾਈ ਬਹੁਮੱਤ ਨਾਲ ਬਣੀ ਹੈ ਪਰ ਉਥੇ ‘ਆਪ’ ਨੇ ਥਾਂ ਥਾਂ ਸ਼ਰਾਬ ਦੇ ਠੇਕੇ ਖੋਲ੍ਹ ਦਿੱਤੇ ਹਨ। ਅਜਿਹੀ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਿਵੇਂ ਕਰ ਸਕਦੀ ਹੈ। ਉਨ੍ਹਾਂ ਵਿਅੰਗ ਕੀਤਾ ਕਿ ਪੰਜਾਬ ਨੂੰ ਕਰਜ਼ਈ ਬਣਾਉਣ ਵਾਲੇ ਚੰਗਾ ਰਾਜ ਕਦੇ ਨਹੀਂ ਦੇ ਸਕਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੋਦੀ ਦੀ ਅਗਵਾਈ ਹੇਠ ਸੂਬੇ ਨੂੰ ਕਰਜ਼ਾ ਅਤੇ ਨਸ਼ਾ ਮੁਕਤ ਕੀਤਾ ਜਾਵੇਗਾ। ਉਨ੍ਹਾਂ ਭਾਜਪਾ ਵਲੋਂ ਜਾਰੀ ਕੀਤੇ ਸੰਕਲਪ ਪੱਤਰ ਦਾ ਵੀ ਜ਼ਿਕਰ ਕੀਤਾ। ਨਾਗਰਿਕਤਾ ਸੋਧ ਐਕਟ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਰਾਹੀਂ ਪਾਕਿਸਤਾਨ ਤੇ ਅਫਗਾਨਿਸਤਾਨ ਦੇ ਹਿੰਦੂ-ਸਿੱਖਾਂ ਨੂੰ ਭਾਰਤ ’ਚ ਨਾਗਰਿਕਤਾ ਵੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀ ਸਿੱਖਾਂ ਮਸਲਿਆਂ ਨੂੰ ਉਭਾਰਿਆ।