ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 20 ਸਤੰਬਰ
ਨੇੜਲੇ ਪਿੰਡ ਪਿੰਡ ਦਿਆਲਪੁਰਾ ਮਿਰਜਾ ਦੇ ਕਿਸਾਨ ਨੇ ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਕਿਸਾਨ ਕਰਨੈਲ ਸਿੰਘ (65) ਪੁੱਤਰ ਚੰਨਣ ਸਿੰਘ 6 ਏਕੜ ਜ਼ਮੀਨ ਦਾ ਮਾਲਕ ਸੀ, ਜਿਸ ਵਿੱਚੋਂ 4 ਏਕੜ ਜ਼ਮੀਨ ਪਹਿਲਾਂ ਹੀ ਵਿਕ ਚੁੱਕੀ ਸੀ ਅਤੇ ਇਸ ਉਪਰੰਤ ਵੀ ਉਸ ਸਿਰ ਕਰੀਬ ਸਾਢੇ 9 ਲੱਖ ਰੁਪਏ ਕਰਜ਼ਾ ਸੀ। ਮ੍ਰਿਤਕ ਕਿਸਾਨ ਦੇ ਪੁੱਤਰਾਂ ਗੁਰਮੀਤ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਰਜ਼ੇ ਦੀ ਪ੍ਰੇਸ਼ਾਨੀਆਂ ਕਾਰਨ ਉਨ੍ਹਾਂ ਦੇ ਪਿਤਾ ਨੇ ਜ਼ਹਿਰੀਲੀ ਚੀਜ਼ ਖਾ ਲਈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਲਿਜਾਇਆ ਗਿਆ ਪਰ ਉਥੇ ਜਾ ਕੇ ਉਸ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦਾ ਸਰਕਾਰੀ ਹਸਪਤਾਲ ਬਠਿੰਡਾ ਵਿੱਚ ਪੋਸਟ ਮਾਰਟਮ ਕਰਨ ਤੋਂ ਬਾਅਦ ਲਾਸ ਵਾਰਸਾਂ ਨੂੰ ਦੇ ਦਿੱਤੀ ਗਈ ਹੈ।