ਭਗਤਾ ਭਾਈ: ਪਿੰਡ ਸਲਾਬਤਪੁਰਾ ਦੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਬਠਿੰਡਾ ਦੇ ਮੀਤ ਪ੍ਰਧਾਨ ਬਸੰਤ ਸਿੰਘ ਕੋਠਾਗੁਰੂ ਨੇ ਦੱਸਿਆ ਕਿ ਕਿਸਾਨ ਗੁਰਮੇਲ ਸਿੰਘ (54) ਪੁੱਤਰ ਤੇਜਾ ਸਿੰਘ ਆਪਣੇ ਭਰਾ ਨਾਲ ਸਾਢੇ ਤਿੰਨ ਏਕੜ ਦੀ ਖੇਤੀ ਕਰਦਾ ਸੀ। ਉਸ ਦੇ ਸਿਰ ਨੌਂ ਲੱਖ ਰੁਪਏ ਦਾ ਕਰਜ਼ਾ ਸੀ। ਕਰਜ਼ੇ ਤੋਂ ਪ੍ਰੇਸ਼ਾਨ ਗੁਰਮੇਲ ਸਿੰਘ ਨੇ ਬੀਤੇ ਦਿਨ ਆਪਣੇ ਖੇਤ ਵਿੱਚ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਨੂੰ ਇਲਾਜ ਲਈ ਭਗਤਾ ਭਾਈ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ ਹੈ। ਪੁਲੀਸ ਨੇ ਮ੍ਰਿਤਕ ਦੇ ਪਿਤਾ ਤੇਜਾ ਸਿੰਘ ਦੇ ਬਿਆਨ ’ਤੇ ਧਾਰਾ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਕਿਸਾਨ ਆਗੂ ਬਸੰਤ ਸਿੰਘ ਕੋਠਾਗੁਰੂ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਮੁਆਵਜ਼ਾ ਅਤੇ ਕਰਜ਼ਾ ਖ਼ਤਮ ਕਰਨ ਦੀ ਮੰਗ ਕੀਤੀ ਹੈ। -ਪੱਤਰ ਪ੍ਰੇਰਕ