ਪਾਲ ਸਿੰਘ ਨੌਲੀ
ਜਲੰਧਰ, 24 ਜੂਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਗਤ ਕਬੀਰ ਜੀ ਦੇ 623ਵੇਂ ਜਨਮ ਦਿਹਾੜੇ ਭਗਤ ਭਾਈਚਾਰੇ ਨੂੰ ਵੱਡਾ ਤੋਹਫਾ ਦਿੰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਭਗਤ ਕਬੀਰ ਚੇਅਰ ਸਥਾਪਤ ਕਰਨ ਅਤੇ ਜਲੰਧਰ ਵਿਚ ਭਗਤ ਕਬੀਰ ਭਵਨ ਦੇ ਵਿਕਾਸ ਲਈ 10 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਪੰਜਾਬ ਨੇ ਭਗਤ ਕਬੀਰ ਜੀ ਦੀ ਜੈਅੰਤੀ ਮੌਕੇ ਕਰਵਾਏ ਸੂਬਾ ਪੱਧਰੀ ਸਮਾਗਮ ਵਿੱਚ ਵਰਚੁਅਲ ਹਿੱਸਾ ਲੈਂਦਿਆਂ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਕਰਜ਼ਾ ਰਾਹਤ ਸਕੀਮ ਤਹਿਤ ਬੇਜ਼ਮੀਨੇ ਖੇਤ ਕਾਮਿਆਂ ਨੂੰ ਛੇਤੀ 560 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਵਾਏਗੀ। ਮੁੱਖ ਮੰਤਰੀ ਨੇ ਅਨੁਸੂਚਿਤ ਤੇ ਪੱਛੜੀਆਂ ਜਾਤਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੀ ਜ਼ਿਕਰ ਕੀਤਾ।
ਭਗਤ ਭਗਤ ਕਬੀਰ ਜੀ ਨੂੰ ਸ਼ਰਧਾ ਭੇਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੰਤ ਕਬੀਰ ਦੀ ਯਾਦ ਵਿਚ ਸਥਾਪਤ ਕੀਤੀ ਜਾਣ ਵਾਲੀ ਚੇਅਰ ਵੱਲੋਂ ਮਹਾਨ ਕਵੀ ਭਗਤ ਕਬੀਰ ਜੀ ਦੇ ਜੀਵਨ ਅਤੇ ਫਿਲਾਸਫੀ ਬਾਰੇ ਖੋਜ ਕੀਤੀ ਜਾਵੇਗੀ। ਇਸੇ ਤਰ੍ਹਾਂ ਭਗਤ ਕਬੀਰ ਭਵਨ 0.77 ਏਕੜ ਰਕਬੇ ਵਿਚ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 10 ਕਰੋੜ ਰੁਪਏ ਵਿੱਚੋਂ 3 ਕਰੋੜ ਰੁਪਏ ਭਵਨ ਦੇ ਨਿਰਮਾਣ ਉਤੇ ਜਦਕਿ 7 ਕਰੋੜ ਜ਼ਮੀਨ ਦੀ ਕੀਮਤ ਉਤੇ ਖਰਚ ਕੀਤੇ ਜਾਣਗੇ। ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਲ 2020-21 ਦੇ ਅਕਾਦਮਿਕ ਸੈਸ਼ਨ ਦੌਰਾਨ ਸੂਬਾ ਸਰਕਾਰ ਨੇ ਵਜ਼ੀਫਾ ਰਾਸ਼ੀ 100 ਫੀਸਦੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕਾਲਜਾਂ ਨੂੰ ਕਿਸੇ ਵੀ ਵਿਦਿਆਰਥੀ ਦਾ ਰੋਲ ਨੰਬਰ ਨਾ ਰੋਕਣ ਦੀਆਂ ਸਪੱਸ਼ਟ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਇਸ ਸਕੀਮ ਨੂੰ ਇਕਦਮ ਵਾਪਸ ਲੈਣ ਲਈ ਕੇਂਦਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਸ ਨਾਲ ਸਾਡੇ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿਚ ਪਾਇਆ ਗਿਆ। ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਾਰਪੋਰੇਸ਼ਨ ਦੇ 50,000 ਰੁਪਏ ਤੱਕ ਦੇ ਸਾਰੇ ਕਰਜ਼ੇ ਮੁਆਫ ਕਰ ਦਿੱਤੇ ਗਏ ਹਨ। ਇਸ ਦੌਰਾਨ ਜਲੰਧਰ ਪੱਛਮੀ ਤੋਂ ਵਿਧਾਇਕ ਸੁਸ਼ੀਲ ਕੁਮਾਰ ਰਿਕੂੰ ਨੇ ਭਗਤ ਕਬੀਰ ਜੀ ਚੇਅਰ ਅਤੇ ਭਗਤ ਕਬੀਰ ਭਵਨ ਦਾ ਐਲਾਨ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਵਿਧਾਇਕ ਦੀ ਅਪੀਲ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਖੇਡ ਵਿਭਾਗ ਨੂੰ ਜਲੰਧਰ ਵਿਚ ਔਰਤਾਂ ਲਈ ਵਿਸ਼ੇਸ਼ ਸਪੋਰਟਸ ਪਾਰਕ ਸਥਾਪਤ ਕਰਨ ਦੇ ਸੁਝਾਅ ਉਤੇ ਗੌਰ ਕਰਨ ਲਈ ਆਖਿਆ।