ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਜੂਨ
ਸਿੱਖ ਜਥੇਬੰਦੀਆਂ ਦੀ ਮੰਗ ਪੂਰੀ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ 14 ਜੂਨ ਨੂੰ ਭਾਈ ਦਿਲਾਵਰ ਸਿੰਘ ਬੱਬਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਉਣ ਦਾ ਫੈ਼ਸਲਾ ਲਿਆ ਗਿਆ ਹੈ। ਇਸ ਦੇ ਨਾਲ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਹੈੱਡ ਗ੍ਰੰਥੀ ਮਰਹੂਮ ਗਿਆਨੀ ਭਗਵਾਨ ਸਿੰਘ ਦੀ ਤਸਵੀਰ ਵੀ ਸਥਾਪਤ ਕੀਤੀ ਜਾਵੇਗੀ। ਦਿਲਾਵਰ ਸਿੰਘ ਬੱਬਰ ਨੇ 31 ਅਗਸਤ 1995 ਨੂੰ ਮਨੁੱਖੀ ਬੰਬ ਬਣ ਕੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਪੰਜਾਬ ਹਰਿਆਣਾ ਸਿਵਲ ਸਕੱਤਰੇਤ ਦੇ ਬਾਹਰ ਕਤਲ ਕਰ ਦਿੱਤਾ ਸੀ, ਜਿਸ ਮਗਰੋਂ ਸ੍ਰੀ ਅਕਾਲ ਤਖ਼ਤ ਵੱਲੋਂ ਉਸ ਨੂੰ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਗਿਆ ਸੀ। ਕਈ ਸਿੱਖ ਜਥੇਬੰਦੀਆਂ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਕੋਲੋਂ ਮੰਗ ਕਰ ਰਹੀਆਂ ਸਨ ਕਿ ਦਿਲਾਵਰ ਸਿੰਘ ਬੱਬਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਤ ਕੀਤੀ ਜਾਵੇ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ 14 ਜੂਨ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਹੈੱਡ ਗ੍ਰੰਥੀ ਮਰਹੂਮ ਗਿਆਨੀ ਭਗਵਾਨ ਸਿੰਘ ਦੀ ਤਸਵੀਰ ਸਥਾਪਤ ਕੀਤੀ ਜਾਵੇਗੀ। ਇਸ ਫੈ਼ਸਲੇ ਦਾ ਸਵਾਗਤ ਕਰਦਿਆਂ ਹਵਾਰਾ ਕਮੇਟੀ ਦੇ ਆਗੂ ਪ੍ਰੋ. ਬਲਜਿੰਦਰ ਸਿੰਘ ਨੇ ਮੰਗ ਕੀਤੀ ਕਿ ਮੌਜੂਦਾ ਸਿੱਖ ਸੰਘਰਸ਼ ਵਿੱਚ ਸ਼ਹੀਦੀਆਂ ਪਾਉਣ ਵਾਲੇ ਕੌਮੀ ਯੋਧਿਆਂ ਜਥੇਦਾਰ ਸੁਖਦੇਵ ਸਿੰਘ ਬੱਬਰ, ਬਾਬਾ ਗੁਰਬਚਨ ਸਿੰਘ ਮਾਨੋਚਾਹਲ ਆਦਿ ਦੀਆਂ ਤਸਵੀਰਾਂ ਵੀ ਸੁਸ਼ੋਭਿਤ ਕੀਤੀਆਂ ਜਾਣ।