ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਮਈ
ਦਿੱਲੀ ਦੀਆਂ ਬਰੂਹਾਂ ਉੱਤੇ ਕਿਸਾਨ ਅੰਦੋਲਨ ਦੇ ਛੇ ਮਹੀਨੇ ਪੂਰੇ ਹੋਣ ਵਾਲੇ ਦਿਨ ਭਾਵ 26 ਮਈ ਨੂੰ ਪੰਜਾਬ ਭਰ ਵਿੱਚ ਕਿਸਾਨ ਅਤੇ ਹੋਰ ਭਾਈਚਾਰਿਆਂ ਦੇ ਲੋਕ ਆਪਣੇ ਘਰਾਂ ਉੱਤੇ ਕਾਲੇ ਝੰਡੇ ਲਹਿਰਾਉਣਗੇ। ਸਿੰਘੂ ਬਾਰਡਰ ਉੱਤੇ ਪੰਜਾਬ ਦੀਆਂ 32 ਜਥੇਬੰਦੀਆਂ ਦੀ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਕਿਸਾਨ ਆਗੂ ਜੰਗਵੀਰ ਸਿੰਘ ਦੋਆਬਾ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਦੌਰਾਨ ਇਹ ਮਹਿਸੂਸ ਕੀਤਾ ਗਿਆ ਕਿ ਨਰਿੰਦਰ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਨਜ਼ਰਅੰਦਾਜ਼ ਕੀਤਾ ਹੋਇਆ ਹੈ। ਇਸ ਲਈ 26 ਮਈ ਨੂੰ ਪੰਜਾਬ ਦੇ ਲੋਕ ਆਪਣੇ ਘਰਾਂ ਉੱਤੇ ਕਾਲੇ ਝੰਡੇ ਲਹਿਰਾ ਕੇ ਅਤੇ ਪਿੰਡਾਂ ਵਿੱਚ ਇਕੱਠੇ ਹੋ ਕੇ ਨਰਿੰਦਰ ਮੋਦੀ ਦੇ ਪੁਤਲੇ ਫੂਕ ਕੇ ਰੋਸ ਪ੍ਰਗਟ ਕਰਨਗੇ।