ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਮਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ 1600 ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕ ਵਿੱਚ ਬਦਲਣ ਦਾ ਗ਼ਲਤ ਫੈ਼ਸਲਾ ਤੁਰੰਤ ਰੱਦ ਕੀਤਾ ਜਾਵੇ ਕਿਉਂਕਿ ਇਹ ਕੇਂਦਰ 78 ਜ਼ਰੂਰੀ ਸੇਵਾਵਾਂ ਦੇਣ ਲਈ ਸਥਾਪਤ ਕੀਤੇ ਗਏ ਸਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵਾਂਗ ਸਿਰਫ 500 ਕੇਂਦਰ ਚਾਲੂ ਰੱਖਣ ਦੀ ਥਾਂ ’ਤੇ ਸਾਰੇ 2100 ਕੇਂਦਰ ਮੁੜ ਸ਼ੁਰੂ ਕਰਨ ਕੀਤੇ ਜਾਣੇ ਚਾਹੀਦੇ ਹਨ, ਪਰ ‘ਆਪ’ ਸਰਕਾਰ ਇਨ੍ਹਾਂ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰ ਕੇ ਇਸ ਸਕੀਮ ਨੂੰ ਤਬਾਹ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿਚ ਪਹਿਲਾਂ ਹੀ 3000 ਮੈਡੀਕਲ ਸਬ-ਸੈਂਟਰ ਤੇ ਡਿਸਪੈਂਸਰੀਆਂ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਹਨ, ਜਿਨ੍ਹਾਂ ਦਾ ਵਿਸਥਾਰ ਕੀਤਾ ਜਾ ਸਕਦਾ ਹੈ ਤੇ ਲੋੜ ਅਨੁਸਾਰ ਆਧੁਨਿਕ ਮਸ਼ੀਨਰੀ ਭੇਜੀ ਜਾ ਸਕਦੀ ਹੈ, ਪਰ ਇਨ੍ਹਾਂ ਵਿੱਚ ਕਲੀਨਿਕ ਖੋਲ੍ਹਣ ਦੀ ਕੋਈ ਤੁੱਕ ਨਹੀਂ ਬਣਦੀ।