ਬੇਜ਼ਮੀਨੇ ਮਜ਼ਦੂਰਾਂ ’ਤੇ ਜਬਰ ਵਿਰੁੱਧ ਮੁਜ਼ਾਹਰੇ ਕਰਨ ਦਾ ਫ਼ੈਸਲਾ
ਹਤਿੰਦਰ ਮਹਿਤਾ
ਜਲੰਧਰ, 24 ਮਈ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚੇ ਨੇ ਅੱਜ ਇੱਥੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਦੀ ਪ੍ਰਧਾਨਗੀ ਹੇਠ ਸੂਬਾਈ ਮੀਟਿੰਗ ਕੀਤੀ। ਮੀਟਿੰਗ ਵਿੱਚ ਐਲਾਨ ਕੀਤਾ ਗਿਆ ਕਿ 2 ਜੂਨ ਨੂੰ ਪੰਜਾਬ ਭਰ ਵਿੱਚ ਜ਼ਿਲ੍ਹੇ ਪੱਧਰ ’ਤੇ ਜਬਰ ਵਿਰੋਧੀ ਮੁਜ਼ਾਹਰੇ ਕੀਤੇ ਜਾਣਗੇ। ਬੀਤੇ ਦਿਨ ਸੰਗਰੂਰ ਦੇ ਬੀੜ ਐਸ਼ਵਾਨ ਵਿੱਚ ਰਾਜੇ ਦੀ ਜ਼ਮੀਨ ’ਤੇ ਹੱਕ ਜਤਾਉਣ ਜਾਂਦੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਮਜ਼ਦੂਰਾਂ ਨੂੰ ਜਬਰ ਦੇ ਜ਼ੋਰ ਹੇਠ ਗ੍ਰਿਫ਼ਤਾਰ ਕਰਕੇ ਜੇਲ੍ਹੀਂ ਡੱਕ ਦਿੱਤਾ ਗਿਆ ਹੈ।
ਮੀਟਿੰਗ ਵਿੱਚ ਸਾਂਝੇ ਮਜ਼ਦੂਰ ਮੋਰਚੇ ਆਗੂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਪ੍ਰੈੱਸ ਸਕੱਤਰ ਗਿਆਨ ਸੈਦਪੁਰੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਵਿਜੇ ਭੀਖੀ ਅਤੇ ਕਸ਼ਮੀਰ ਘੁੱਗਸ਼ੋਰ ਆਦਿ ਸ਼ਾਮਲ ਹੋਏ। ਆਗੂਆਂ ਮੰਗ ਕੀਤੀ ਹੈ ਕਿ ਫੜੇ ਗਏ ਮਜ਼ਦੂਰਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਨਿਕਲਦੀਆਂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ ਅਤੇ ਘੱਟ ਜ਼ਮੀਨਾਂ ਵਾਲੇ ਕਿਸਾਨਾਂ ਵਿੱਚ ਵੰਡੀਆਂ ਜਾਣ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਮਜ਼ਦੂਰਾਂ ਦੀਆਂ ਮੰਗਾਂ ਪ੍ਰਤੀ ਨਾਂਹਪੱਖੀ ਵਤੀਰਾ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਮਜ਼ਦੂਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਜਬਰ ਦੇ ਰਾਹ ਪੈ ਗਈ ਹੈ। ਆਗੂਆਂ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਅਗਲਾ ਸੰਘਰਸ਼ ਉਲੀਕਣ ਲਈ 4 ਜੂਨ ਨੂੰ ਜਲੰਧਰ ’ਚ ਮੀਟਿੰਗ ਸੱਦ ਲਈ ਹੈ।