ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 13 ਅਗਸਤ
ਪੰਜਾਬ ਸਰਕਾਰ ਵੱਲੋਂ ਡੇਅਰੀ ਮਾਲਕਾਂ ਨੂੰ ਆਰਥਿਕ ਮੰਦਵਾੜੇ ’ਚੋਂ ਕੱਢਣ ਲਈ ਐਲਾਨਿਆ ਵਿੱਤੀ ਪੈਕੇਜ ਲਾਗੂ ਨਾ ਹੋਣ ਕਾਰਨ ਉਨ੍ਹਾਂ ਮੁੜ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇੱਥੇ ਪ੍ਰੈੱਸ ਕਾਨਫਰੰਸ ’ਚ ਡੇਅਰੀ ਮਾਲਕਾਂ ਦੀ ਅਗਵਾਈ ਕਰਨ ਵਾਲੀ ਜਥੇਬੰਦੀ ਪ੍ਰੋਗ੍ਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਜਥੇਬੰਦੀ ਆਉਣ ਵਾਲੀ 24 ਨੂੰ ਲੁਧਿਆਣਾ ਵੇਰਕਾ ਪਲਾਂਟ ’ਤੇ ਧਰਨਾ ਦੇਵੇਗੀ। ਪੀਡੀਐੱਫਏ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਨੇ ਦੱਸਿਆ ਕਿ ਤਿੰਨ ਮਹੀਨੇ ਪਹਿਲਾਂ ਜਦੋਂ ਹਜ਼ਾਰਾਂ ਡੇਅਰੀ ਮਾਲਕ ਆਪਣੇ ਆਰਥਿਕ ਮੰਦੇਵਾੜੇ ਸਬੰਧੀ ਮੁਹਾਲੀ ਦੀਆਂ ਸੜਕਾਂ ’ਤੇ ਪੁੱਜੇ ਸਨ ਤਾਂ ਵਿੱਤ ਮੰਤਰੀ ਤੇ ਪੰਚਾਇਤ ਮੰਤਰੀ ਨੇ ਪੀਡੀਐੱਫਏ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ 55 ਰੁਪਏ ਪ੍ਰਤੀ ਕਿਲੋ ਫੈਟ ਵਾਧਾ ਦੇਣ ਦਾ ਐਲਾਨ ਕੀਤਾ ਸੀ, ਜੋ ਹਾਲੇ ਤੱਕ ਲਾਗੂ ਨਹੀਂ ਹੋਇਆ।