ਪੁਰਾਣੀ ਪੈਨਸ਼ਨ ਬਹਾਲੀ ਲਈ ਸੰਘਰਸ਼ ਦਾ ਐਲਾਨ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ 17ਵੀਂ ਜਨਰਲ ਕੌਂਸਲ ਦਾ ਦੂਜਾ ਸੂਬਾਈ ਇਜਲਾਸ ਅੱਜ ਦੇਸ਼ ਭਗਤ ਯਾਦਗਾਰ ਹਾਲ ਵਿੱਚ ਸਮਾਪਤ ਹੋਇਆ। ਇਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਬਲਾਕ ਪ੍ਰਧਾਨਾਂ ਅਤੇ ਜ਼ਿਲ੍ਹਾ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜਥੇਬੰਦੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਬਚਾਉਣ ਲਈ ਚੱਲ ਰਹੇ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਜਥੇਬੰਦੀ ਨੇ ਆਪਣੀਆਂ ਮੁੱਖ ਮੰਗਾਂ ਨੂੰ ਮੁੜ ਦੁਹਰਾਇਆ, ਜਿਨ੍ਹਾਂ ਵਿੱਚ ਕੌਮੀ ਸਿੱਖਿਆ ਨੀਤੀ-2020 ਨੂੰ ਰੱਦ ਕਰ ਕੇ ਪੰਜਾਬ ਦੀ ਆਪਣੀ ਸਿੱਖਿਆ ਨੀਤੀ ਬਣਾਉਣ, ਪੁਰਾਣੀ ਪੈਨਸ਼ਨ ਸਕੀਮ ਨੂੰ ਤੁਰੰਤ ਬਹਾਲ ਕਰਨ, ਕੰਪਿਊਟਰ ਅਧਿਆਪਕਾਂ, ਮੈਰੀਟੋਰੀਅਸ ਅਧਿਆਪਕਾਂ ਅਤੇ ਸਾਰੇ ਕੱਚੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਲਿਆ ਕੇ ਪੱਕਾ ਕਰਨ ਦੀ ਮੰਗ ਸ਼ਾਮਲ ਹੈ। ਆਗੂਆਂ ਨੇ ਕੇਂਦਰੀ ਤਨਖ਼ਾਹ ਸਕੇਲ ਰੱਦ ਕਰ ਕੇ ਪੰਜਾਬ ਦੇ ਤਨਖ਼ਾਹ ਸਕੇਲ ਲਾਗੂ ਕਰਵਾਉਣ ਲਈ ਵੀ ਆਵਾਜ਼ ਬੁਲੰਦ ਕੀਤੀ।
ਇਸ ਦੌਰਾਨ ਵਿਛੜ ਚੁੱਕੇ ਸਾਥੀਆਂ ਨੂੰ ਯਾਦ ਕਰਦਿਆਂ ਸੋਗ ਮਤੇ ਪੇਸ਼ ਕੀਤੇ ਗਏ। ਜਨਰਲ ਸਕੱਤਰ ਗੁਰਬਿੰਦਰ ਸਿੰਘ ਨੇ ਜਥੇਬੰਦੀ ਦੀ ਡਰਾਫਟ ਰਿਪੋਰਟ ਪੇਸ਼ ਕੀਤੀ, ਜਿਸ ’ਤੇ ਪੰਜਾਬ ਭਰ ਤੋਂ ਆਏ 35 ਡੈਲੀਗੇਟਾਂ ਨੇ ਵਿਚਾਰ-ਵਟਾਂਦਰਾ ਕੀਤਾ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਪ੍ਰਧਾਨ ਸਤੀਸ਼ ਰਾਣਾ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਕਨਵੀਨਰ ਜਸਵੀਰ ਸਿੰਘ ਤਲਵਾੜਾ ਅਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਜੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
