ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 19 ਜਨਵਰੀ
ਦਸਵੇਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ ਅਤੇ ਮਗਰੋਂ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਨ ਦੀ ਸੇਵਾ ਨਿਭਾਈ।
ਇਸ ਦੌਰਾਨ ਦੌਰਾਨ ਬੈਂਡ ਅਤੇ ਗਤਕਾ ਪਾਰਟੀਆਂ ਨੇ ਹਾਜ਼ਰੀ ਭਰੀ। ਸੰਗਤ ਨੇ ਨਗਰ ਕੀਰਤਨ ਦੇ ਰਸਤੇ ਵਿੱਚ ਲੰਗਰ ਲਾਏ ਅਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
ਨਗਰ ਕੀਰਤਨ ਦੌਰਾਨ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਬਲਵਿੰਦਰ ਸਿੰਘ, ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਮੌਜੂਦ ਸਨ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਦਾ ਸਾਰਾ ਜੀਵਨ ਮਨੁੱਖਤਾ ਲਈ ਮਾਰਗ ਦਰਸ਼ਨ ਹੈ। ਉਹ ਇਕ ਕ੍ਰਾਂਤੀਕਾਰੀ ਰਹਬਿਰ ਸਨ, ਜਿਨ੍ਹਾਂ ਨੇ ਮਨੁੱਖਤਾ ਵਿੱਚ ਜਬਰ-ਜ਼ੁਲਮ ਵਿਰੁੱਧ ਡਟਣ ਦਾ ਜਜ਼ਬਾ ਅਤੇ ਸਾਹਸ ਪੈਦਾ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਢਾਲ ਕੇ ਸਾਰਿਆਂ ਨੂੰ ਮਨੁੱਖਤਾ ਦੀ ਭਲਾਈ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ।