ਪੱਤਰ ਪ੍ਰੇਰਕ
ਮਾਨਸਾ, 20 ਅਕਤੂਬਰ
ਗੈਂਗਸਟਰ ਦੀਪਕ ਟੀਨੂ ਦੀ ਅਜਮੇਰ ਤੋਂ ਹੋਈ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਪੰਜਾਬ ਪੁਲੀਸ ਵੱਲੋਂ ਉਸ ਨੂੰ ਮਾਨਸਾ ਲਿਆਉਣ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਮਾਮਲੇ ਸਬੰਧੀ ਪੁਲੀਸ ਨੇ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨਾਲ ਤਾਲਮੇਲ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਦਿੱਲੀ ਪੁਲੀਸ ਵੱਲੋਂ ਹਥਿਆਰਾਂ ਦੀ ਬਰਮਾਦਗੀ ਤੇ ਹੋਰ ਪੁੱਛ-ਪੜਤਾਲ ਕਰਨ ਤੋਂ ਬਾਅਦ ਇਸ ਨੂੰ ਪੰਜਾਬ ਪੁਲੀਸ ਦੇ ਹਵਾਲੇ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ। ਮਾਨਸਾ ਪੁਲੀਸ ਵੱਲੋਂ, ਦਿੱਲੀ ਪੁਲੀਸ ਨਾਲ ਬੀਤੇ ਦਿਨ ਤੋਂ ਹੀ ਤਾਲਮੇਲ ਬਣਾਇਆ ਜਾ ਰਿਹਾ ਹੈ। ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਦੀਪਕ ਟੀਨੂ ਮਾਨਸਾ ਦੇ ਸੀਆਈਏ ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਦੀ ਗ੍ਰਿਫ਼ਤ ’ਚੋਂ ਫਰਾਰ ਹੋਇਆ ਸੀ, ਜਿਸ ਕਾਰਨ ਉਸ ਤੋਂ ਫਰਾਰ ਹੋਣ ਸਬੰਧੀ ਅਨੇਕਾਂ ਤਰ੍ਹਾਂ ਦੀ ਪੁੱਛ-ਪੜਤਾਲ ਕੀਤੀ ਜਾਣੀ ਹੈ। ਦੀਪਕ ਟੀਨੂ ਦੇ ਫਰਾਰ ਹੋਣ ਤੋਂ ਬਾਅਦ ਭਾਵੇਂ ਪੰਜਾਬ ਪੁਲੀਸ ਨੇ ਤਿੰਨ ਮੈਂਬਰੀ ਸਿੱਟ ਵੀ ਕਾਇਮ ਕੀਤੀ ਸੀ ਪਰ ਐੱਸਆਈਟੀ ਇਸ ਕਹਾਣੀ ਦੀ ਵਿਆਖਿਆ ਕਰਨ ਵਿੱਚ ਵੀ ਅਸਫ਼ਲ ਰਹੀ ਹੈ ਕਿ ਉਹ ਪੁਲੀਸ ਦੀ ਗ੍ਰਿਫ਼ਤ ’ਚੋਂ ਕਿਵੇਂ ਭੱਜਿਆ। ਪੰਜਾਬ ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪੰਜਾਬ ਪੁਲੀਸ, ਉਸ ਨੂੰ ਮਾਨਸਾ ਵਿੱਚ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਇਹ ਸਿਰਫ ਦਿੱਲੀ ਪੁਲੀਸ ਦੀ ਸੁਤੰਤਰ ਕਾਰਵਾਈ ਸੀ, ਪੰਜਾਬ ਪੁਲੀਸ ਨੂੰ ਸੂਚਿਤ ਨਹੀਂ ਕੀਤਾ ਗਿਆ ਸੀ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦਿੱਲੀ ਪੁਲੀਸ ਵੱਲੋਂ ਜ਼ਿਆਦਾਤਰ ਸਫ਼ਲਤਾਵਾਂ ਹਾਸਲ ਕੀਤੀਆਂ ਗਈਆਂ ਹਨ। ਗਾਇਕ ਸਿੱਧੂ ਮੂਸੇਵਾਲਾ ਦੀ ਮਾਨਸਾ ਜ਼ਿਲ੍ਹੇ ਵਿੱਚ 29 ਮਈ ਨੂੰ ਛੇ ਸ਼ੂਟਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।