ਕੰਗਨਾ ਨੂੰ ਬਠਿੰਡਾ ਅਦਾਲਤ ’ਚ ਪੇਸ਼ ਹੋਣ ਦੇ ਹੁਕਮ
ਨੇੜਲੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਿਰਧ ਮਹਿਲਾ ਮਹਿੰਦਰ ਕੌਰ ਵੱਲੋਂ ਦਾਇਰ ਮਾਣਹਾਨੀ ਮਾਮਲੇ ’ਚ ਅਦਾਕਾਰਾ ਤੇ ਹਿਮਾਚਲ ਪ੍ਰਦੇਸ਼ ਦੇ ਹਲਕਾ ਮੰਡੀ ਤੋਂ ਭਾਜਪਾ ਦੀ ਲੋਕ ਸਭਾ ਮੈਂਬਰ ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ’ਚ ਪੇਸ਼ ਨਹੀਂ ਹੋਈ। ਮਹਿੰਦਰ ਕੌਰ ਸੁਣਵਾਈ ਦੌਰਾਨ ਕੰਗਨਾ ਰਣੌਤ ਦੀ ਗ਼ੈਰਹਾਜ਼ਰੀ ਤੋਂ ਨਾਰਾਜ਼ ਨਜ਼ਰ ਆਈ। ਇਸ ’ਤੇ ਸਖ਼ਤੀ ਦਿਖਾਉਂਦਿਆਂ ਜ਼ਿਲ੍ਹਾ ਅਦਾਲਤ ਨੇ ਕੰਗਨਾ ਰਣੌਤ ਨੂੰ ਸੁਣਵਾਈ ਦੀ ਅਗਲੀ ਤਰੀਕ ’ਤੇ 15 ਦਸੰਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਕੰਗਨਾ ਰਣੌਤ ਪਹਿਲਾਂ ਵੀ ਸੁਣਵਾਈ ਲਈ ਪੇਸ਼ ਨਹੀਂ ਸੀ ਹੋਈ।
ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਅਦਾਲਤ ਨੇ ਅਗਲੀ ਸੁਣਵਾਈ 15 ਦਸੰਬਰ ਨੂੰ ਤੈਅ ਕੀਤੀ ਹੈ। ਕੰਗਨਾ ਨੇ ਅੱਜ ਦੀ ਪੇਸ਼ੀ ਤੋਂ ਛੋਟ ਮੰਗੀ ਸੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ ਹੈ ਪਰ ਨਾਲ ਹੀ ਅਗਲੀ ਸੁਣਵਾਈ ’ਤੇ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਅੱਜ ਮਹਿੰਦਰ ਕੌਰ ਤੇ ਉਨ੍ਹਾਂ ਦੇ ਪੋਤਰੇ ਗੁਰਪ੍ਰੀਤ ਸਿੰਘ ਨੇ ਬਿਆਨ ਦਰਜ ਕਰਵਾਏ ਹਨ। ਕੰਗਨਾ ਵੱਲੋਂ ਅੱਜ ਸੀਨੀਅਰ ਵਕੀਲ ਅਦਾਲਤ ’ਚ ਮੌਜੂਦ ਨਹੀਂ ਸਨ, ਜਿਸ ਕਰਕੇ ਪੇਸ਼ੀ ਤੋਂ ਛੋਟ ਲਈ ਅਰਜ਼ੀ ’ਤੇ ਕੋਈ ਕਾਰਵਾਈ ਨਹੀਂ ਹੋਈ।
ਹਾਈ ਕੋਰਟ ਨੇ ਬਠਿੰਡਾ ਅਦਾਲਤ ’ਚ ਚੱਲ ਰਹੇ ਮਾਮਲੇ ਦੀ ਕਾਰਵਾਈ ’ਤੇ ਲੱਗੀ ਰੋਕ ਹਟਾ ਦਿੱਤੀ ਸੀ। ਬਾਅਦ ’ਚ ਕੰਗਨਾ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ, ਜਿੱਥੋਂ ਫ਼ੈਸਲਾ ਆਉਣ ਮਗਰੋਂ ਬਠਿੰਡਾ ਅਦਾਲਤ ’ਚ ਸੁਣਵਾਈ ਚੱਲ ਰਹੀ ਹੈ। ਸਾਲ 2020 ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਤਿੰਨ ਖੇਤੀ ਸੋਧ ਕਾਨੂੰਨਾਂ (ਹੁਣ ਰੱਦ ਹਨ) ਵਿਰੁੱਧ ਕਿਸਾਨ ਅੰਦੋਲਨ ’ਚ ਮਹਿੰਦਰ ਕੌਰ ਨੇ ਵੀ ਹਿੱਸਾ ਲਿਆ ਸੀ। ਉਦੋਂ ਕੰਗਨਾ ਨੇ ਮਹਿੰਦਰ ਕੌਰ ਪ੍ਰਤੀ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਮਹਿੰਦਰ ਕੌਰ ਨੇ 5 ਜਨਵਰੀ 2021 ਨੂੰ ਜੁਡੀਸ਼ਲ ਮੈਜਿਸਟਰੇਟ (ਫ਼ਸਟ ਕਲਾਸ) ਬਠਿੰਡਾ ਦੀ ਅਦਾਲਤ ’ਚ ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਕੀਤਾ ਸੀ।
