ਪੱਤਰ ਪ੍ਰੇਰਕ
ਚੰਡੀਗੜ੍ਹ, 25 ਅਪਰੈਲ
ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਪੰਜਾਬ ਦਾ ਸੂਬਾ ਪੱਧਰੀ ਵਫ਼ਦ ਅੱਜ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਵਿਭਾਗ ਪੰਜਾਬ ਜਸਪ੍ਰੀਤ ਤਲਵਾੜ ਨੂੰ ਮਿਨੀ ਸਕੱਤਰੇਤ ਵਿੱਚ ਮਿਲਿਆ। ਸੂਬਾ ਪ੍ਰਧਾਨ ਡਾ. ਰਾਵਿੰਦਰ ਸਿੰਘ ਮਾਨਸਾ ਦੀ ਅਗਵਾਈ ਹੇਠ ਵਫ਼ਦ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ਅਤੇ ਨੌਕਰੀ ਦੀ ਅਸੁਰੱਖਿਅਤਾ ਕਾਰਨ ਡਰ ਦੇ ਮਾਹੌਲ ’ਚ ਸੇਵਾਵਾਂ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਸਮੱਸਿਆਵਾਂ ਅਤੇੇ ਮੰਗਾਂ ਬਾਰੇ ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਵਿਭਾਗ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ। ਉਨ੍ਹਾਂ ਇਸ ਮੌਕੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਲਈ ਪਿਛਲੇ ਸਮੇਂ ਦੌਰਾਨ ਬਣਾਈ ਗਈ ਪਾਰਟ ਟਾਈਮ ਸਹਾਇਕ ਪ੍ਰੋਫੈਸਰਾਂ ਦੇ ਬਰਾਬਰ ਤਨਖਾਹ ਦੇਣ ਵਾਲੀ ਨੀਤੀ ਬਾਰੇ ਵੀ ਜਾਣੂ ਕਰਵਾਇਆ ਗਿਆ। ਸ੍ਰੀ ਮਾਨਸਾ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਨੇ ਭਰੋਸਾ ਦਿਵਾਇਆ ਹੈ ਕਿ ਉਹ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਪਾਰਟ ਟਾਈਮ ਦਾ ਸਟੇਟਸ ਦੇਣ ਵਾਲੀ ਨੀਤੀ ਬਾਰੇ ਛੇਤੀ ਹੀ ਵਿੱਤ ਵਿਭਾਗ ਨਾਲ ਵਿਚਾਰ ਕਰਨਗੇ।