ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਅਕਤੂਬਰ
ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਅੰਤਿਮ ਅਰਦਾਸ ਨੂੰ ਸਮਰਪਿਤ ਅੱਜ ਤਿਕੁਨੀਆ ਵਿੱਚ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਕੀ ਯਾਦਗਾਰ ਉਸਾਰਨ ਦਾ ਐਲਾਨ ਕੀਤਾ। ਇਹ ਯਾਦਗਾਰ ਕਤਲੇਆਮ ਵਾਲੀ ਜਗ੍ਹਾ ਖਰੀਦ ਕੇ ਬਣਾਈ ਜਾਵੇਗੀ। ਸ਼ਰਧਾਂਜਲੀ ਸਮਾਗਮ ਵਿੱਚ ਪਹੁੰਚੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸੰਯੁਕਤ ਕਿਸਾਨ ਮੋਰਚੇ ਅਤੇ ਸਥਾਨਕ ਸੰਤਾਂ-ਮਹਾਂਪੁਰਸ਼ਾਂ ਨਾਲ ਸਲਾਹ ਕਰ ਕੇ ਯਾਦਗਾਰ ਉਸਾਰਨ ਸਬੰਧੀ ਫ਼ੈਸਲਾ ਲਿਆ। ਇਸ ਬਾਰੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ. ਦਰਸ਼ਨਪਾਲ ਨੇ ਖ਼ੁਦ ਸੰਗਤ ਨੂੰ ਜਾਣਕਾਰੀ ਦਿੱਤੀ।