ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਅਗਸਤ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਸੰਗਤ ਨੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿੱਚ ਪਿਛਲੇ ਸਮੇਂ ਦੌਰਾਨ ਦਿੱਲੀ ਕਮੇਟੀ ਵੱਲੋਂ ਕੀਤੇ ਗਏ ਕਾਰਜਾਂ ਅਤੇ ਮਨੁੱਖੀ ਭਲਾਈ ਸੇਵਾਵਾਂ ਨੂੰ ਦੇਖਦਿਆਂ ਇਹ ਫ਼ਤਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਵਿਰੋਧੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਢਾਹ ਲਗਾਉਣ ਲਈ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਸੀ ਪਰ ਸੰਗਤ ਵੱਲੋਂ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੂੰ ਸੇਵਾ ਸੌਂਪਣੀ ਪੰਥਕ ਤੇ ਕੌਮੀ ਸੋਚ ਦੀ ਜਿੱਤ ਹੈ। ਦਿੱਲੀ ਦੀ ਸੰਗਤ ਨੇ ਸਿੱਖ ਸੰਸਥਾਵਾਂ ਨੂੰ ਖਤਮ ਕਰਨ ਲਈ ਯਤਨਸ਼ੀਲ ਆਗੂਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।