ਦਿੱਲੀ ਪੁਲੀਸ ਨੇ ਗੁਰਦੁਆਰੇ ਦੀ ਮਰਿਆਦਾ ਭੰਗ ਕੀਤੀ: ਸੰਧਵਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਗੁਰਦੁਆਰਾ ਬੰਗਲਾ ਸਾਹਿਬ ’ਚ ਪੁਲੀਸ ਭੇਜਣ ਦੀ ਨਿਖੇਧੀ ਕੀਤੀ
ਮੁੱਖ ਚੋਣ ਕਮਿਸ਼ਨਰ ਵਿਰੁੱਧ ਦਿੱਤੇ ਰੋਸ ਪ੍ਰਦਰਸ਼ਨ ਦੇ ਸੱਦੇ ਦੌਰਾਨ ਦਿੱਲੀ ਦੇ ਪੁਲੀਸ ਕਰਮੀਆਂ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਦੀ ਮਰਿਆਦਾ ਭੰਗ ਕਰਨ ਦੇ ਮਾਮਲੇ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੰਭੀਰਤਾ ਨਾਲ ਲਿਆ ਹੈ ਅਤੇ ਇਸ ਦੀ ਨਿਖੇਧੀ ਕੀਤੀ ਹੈ। ਆਪਣੀ ਰਿਹਾਇਸ਼ ’ਤੇ ਲੋਕ ਮਿਲਣੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਦਿੱਲੀ ਵਿੱਚ ਕੌਕਰੋਚ ਜਨਤਾ ਪਾਰਟੀ ਵੱਲੋਂ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਜੰਤਰ ਮੰਤਰ ’ਤੇ ਦਿੱਤੇ ਰੋਸ ਪ੍ਰਦਰਸ਼ਨ ਦੇ ਸੱਦੇ ਦੌਰਾਨ, ਦਿੱਲੀ ਪੁਲੀਸ ਦੀ ਕਾਰਵਾਈ ਤੋਂ ਬਚਣ ਲਈ ਸੈਂਕੜੇ ਪ੍ਰਦਰਸ਼ਨਕਾਰੀ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਚਲੇ ਗਏ। ਉਨ੍ਹਾਂ ਕਿਹਾ ਕਿ ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਭੰਗ ਕਰਦੇ ਹੋਏ ਦਿੱਲੀ ਪੁਲੀਸ ਦੇ ਮੁਲਾਜ਼ਮ ਕਥਿਤ ਤੌਰ ’ਤੇ ਜੁੱਤੀਆਂ ਪਾ ਕੇ ਅਤੇ ਨੰਗੇ ਸਿਰ ਗੁਰੂ ਘਰ ਦੇ ਅੰਦਰ ਦਾਖਲ ਹੋ ਗਏ। ਸੰਧਵਾਂ ਨੇ ਕਿਹਾ ਕਿ ਗੁਰਦੁਆਰਾ ਇੱਕ ਪਵਿੱਤਰ ਸਥਾਨ ਹੈ, ਜਿੱਥੇ ਜਾਣ ਦੀ ਇੱਕ ਮਰਿਆਦਾ ਹੁੰਦੀ ਹੈ, ਜੋ ਕਿ ਦਿੱਲੀ ਪੁਲੀਸ ਨੇ ਪੂਰੀ ਤਰ੍ਹਾਂ ਭੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਬੁਨਿਆਦੀ ਜਮਹੂਰੀ ਹੱਕਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਦੀ ਬਜਾਏ ਹਿਰਾਸਤ ’ਚ ਲਿਆ ਜਾ ਰਿਹਾ ਹੈ ਅਤੇ ਜੇਲ੍ਹਾਂ ’ਚ ਡੱਕਿਆ ਜਾ ਰਿਹਾ ਹੈ, ਜੋ ਕਿ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਨੌਜਵਾਨ ਦੇਸ਼ ਵਿਰੋਧੀ ਨਹੀਂ ਸਗੋਂ ਉਹ ਆਪਣੀਆਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

