ਪੱਤਰ ਪ੍ਰੇਰਕ
ਸੰਦੌੜ, 10 ਜੂਨ
ਲੋਕ ਸਭਾ ਹਲਕਾ ਸੰਗਰੂਰ ਤੋਂ ਜ਼ਿਮਨੀ ਚੋਣ ਲੜ ਰਹੇ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਸੰਦੌੜ ਸਰਕਲ ਦੇ ਕਈ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਸੰਦੌੜ ਵਿੱਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ਦਿੱਲੀ ਦੇ ਹੁਕਮਰਾਨਾਂ ਨੇ ਹਮੇਸ਼ਾਂ ਸਿੱਖ ਕੌਮ ਨਾਲ ਬੇਇਨਸਾਫ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਸੜਕੀ ਵਪਾਰ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਜਿਣਸਾਂ ਦਾ ਵੱਧ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਬੇਸ਼ੱਕ ਬੀਬੀ ਕਮਲਦੀਪ ਕੌਰ ਰਾਜੋਆਣਾ ਬੰਦੀ ਸਿੰਘ ਪਰਿਵਾਰ ਨਾਲ ਸਬੰਧਤ ਹਨ ਪਰ ਦੇਸ਼ ਦੀ ਸੰਸਦ ਵਿੱਚ ਕੌਮ, ਪੰਜਾਬ ਤੇ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਮੁੱਦੇ ਬੇਬਾਕੀ ਨਾਲ ਬੋਲ ਕੇ ਹੀ ਹੱਲ ਹੋਣੇ ਹਨ।