ਚੀਫ ਜਸਟਿਸ ’ਤੇ ਜੁੱਤੀ ਸੁੱਟਣ ਵਾਲੇ ਵਕੀਲ ਖ਼ਿਲਾਫ਼ ਕਾਰਵਾਈ ਦੀ ਮੰਗ
ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ ਯੂਨੀਅਨ ਨੇ ਮੁਲਜ਼ਮ ਦੀ ਗ੍ਰਿਫ਼ਤਾਰੀ ਮੰਗੀ
ਕਰਮਜੀਤ ਸਿੰਘ ਚਿੱਲਾ
ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ ਯੂਨੀਅਨ ਦੀ ਪੰਜਾਬ ਇਕਾਈ ਨੇ 6 ਅਕਤੂਬਰ ਨੂੰ ਵਕੀਲ ਰਾਕੇਸ਼ ਕਿਸ਼ੋਰ ਵੱਲੋਂ ਸੁਪਰੀਮ ਕੋਰਟ ਦੇ ਚੀਫ ਜਸਟਿਸ ’ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਦੀ ਨਿਖੇਧੀ ਕੀਤੀ ਹੈ। ਯੂਨੀਅਨ ਨੇ ਕਥਿਤ ਦੋਸ਼ੀ ਖ਼ਿਲਾਫ਼ ਫੌਜਦਾਰੀ ਕੇਸ ਦਰਜ ਕਰ ਕੇ ਉਸ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਸਪਾਲ ਸਿੰਘ ਦੱਪਰ ਨੇ ਕਿਹਾ ਕਿ ਕੁਝ ਦੇਸ਼ ਵਿਰੋਧੀ ਤਾਕਤਾਂ ਭਾਰਤੀ ਸਮਾਜ ਦੇ ਲੋਕਾਂ ਨੂੰ ਜਾਤਾਂ ਅਤੇ ਧਰਮਾਂ ਵਿੱਚ ਵੰਡ ਕੇ ਦੇਸ਼ ਦਾ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ, ਜਿਸ ਦਾ ਵਕੀਲ ਭਾਈਚਾਰੇ ਵੱਲੋਂ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਦੇਸ਼ ਦੀ ਮੌਜੂਦਾ ਭਾਜਪਾ ਸਰਕਾਰ ਨਿਆਂਪਾਲਿਕਾ ’ਤੇ ਦਬਾਅ ਪਾ ਕੇ ਆਪਣੀ ਸੋਚ ਅਨੁਸਾਰ ਫੈਸਲੇ ਕਰਵਾਉਣਾ ਚਾਹੁੰਦੀ ਹੈ।
ਐਸੋਸੀਏਸ਼ਨ ਦੇ ਮੁੱਖ ਬੁਲਾਰੇ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਦੇਸ਼ ’ਤੇ ਰਾਜ ਕਰ ਰਹੀ ਭਾਜਪਾ ਸਰਕਾਰ ਦੇਸ਼ ਦੇ ਸੰਵਿਧਾਨ ਨੂੰ ਖਤਮ ਕਰਕੇ ਤਾਨਾਸ਼ਾਹੀ ਰਾਜ ਕਾਇਮ ਕਰਨਾ ਚਾਹੁੰਦੀ ਹੈ। ਐਡਵੋਕੇਟ ਅਮਰਜੀਤ ਸਿੰਘ ਲੌਂਗੀਆ ਨੇ ਕਿਹਾ ਕਿ ਦੇਸ਼ ਵਿੱਚ ਹੇਠਲੀਆਂ ਅਦਾਲਤਾਂ ਤੋਂ ਲੈ ਕੇ ਸੁਪਰੀਮ ਕੋਰਟ ਦੇ ਜੱਜ ਸਾਹਿਬਾਨਾਂ ਨੂੰ ਬਿਨਾਂ ਕਿਸੇ ਡਰ ਜਾਂ ਦਬਾਅ ਤੋਂ ਆਪਣੇ ਫੈਸਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦਾ ਸਮੁੱਚਾ ਵਕੀਲ ਭਾਈਚਾਰਾ ਦੇਸ਼ ਦੀ ਨਿਆਂਪਾਲਿਕਾ ਦੇ ਨਾਲ ਖੜ੍ਹਾ ਹੈ। ਇਸ ਮੌਕੇ ਮੁਹਾਲੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਨੇਹਪ੍ਰੀਤ ਸਿੰਘ, ਕੁਲਦੀਪ ਸਿੰਘ ਅਤੇ ਗੁਰਵੀਰ ਸਿੰਘ ਲਾਲੀ ਵੀ ਹਾਜ਼ਰ ਸਨ।