ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਸਤੰਬਰ
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤੇ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਉੱਪ-ਕੁਲਪਤੀ ਦੇ ਅਹੁਦੇ ਲਈ ਸਿੱਖਾਂ ਨੂੰ ਅਣਡਿੱਠ ਕੀਤੇ ਜਾਣ ਦਾ ਮਾਮਲਾ ਉਭਾਰਿਆ ਹੈ। ਉਨ੍ਹਾਂ ਇਸ ਸਬੰਧ ਵਿੱਚ ਉੱਪ ਰਾਸ਼ਟਰਪਤੀ ਜੋ ਕਿ ਯੂਨੀਵਰਸਿਟੀ ਦੇ ਕੁਲਪਤੀ ਵੀ ਹਨ, ਨੂੰ ਇਸ ਸਬੰਧ ਵਿੱਚ ਇੱਕ ਪੱਤਰ ਭੇਜਿਆ ਹੈ। ਸਾਬਕਾ ਚੇਅਰਮੈਨ ਨੇ ਪੱਤਰ ਵਿੱਚ ਲਿਖਿਆ ਕਿ ਇਹ ਯੂਨੀਵਰਸਿਟੀ ਪੰਜਾਬ ਦਾ ਹਿੱਸਾ ਹੈ, ਜਿਸ ਲਈ 37 ਵਿਅਕਤੀਆਂ ਨੂੰ ਯੂਨੀਵਰਸਿਟੀ ਦੇ ਸੈਨੇਟ ਦੇ ਮੈਂਬਰਾਂ ਵਜੋਂ ਨਾਮਜ਼ਦ ਕੀਤਾ ਗਿਆ, ਪਰ ਇਸ ਵਿੱਚੋਂ ਸਿਰਫ਼ 7 ਹੀ ਸਿੱਖ ਹਨ। ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਕਿਸੇ ਵੀ ਸਿੱਖ ਸ਼ਖ਼ਸੀਅਤ ਨੂੰ ਇਸ ਯੂਨੀਵਰਸਿਟੀ ਦਾ ਉਪ-ਕੁਲਪਤੀ ਨਹੀਂ ਬਣਾਇਆ ਗਿਆ। ਉਨ੍ਹਾਂ ਉਪ ਰਾਸ਼ਟਰਪਤੀ ਨੂੰ ਕਿਹਾ ਕਿ ਉਹ ਯੂਨੀਵਰਸਿਟੀ ਵਿੱਚ ਹੀ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨੂੰ ਕਿਵੇਂ ਅਣਡਿੱਠ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਆਪਣੇ ਸਾਰੇ ਕਾਲਜ ਇਸ ਯੂਨੀਵਰਸਿਟੀ ਤੋਂ ਵੱਖ ਕਰ ਕੇ ਕੁਰੂਕਸ਼ੇਤਰ ਯੂਨੀਵਰਸਿਟੀ ਨਾਲ ਜੋੜ ਲਏ ਹਨ। ਇਸ ਵੇਲੇ ਇਹ ਯੂਨੀਵਰਸਿਟੀ ਸਿਰਫ਼ ਪੰਜਾਬ ਦੀ ਯੂਨੀਵਰਸਿਟੀ ਹੈ ਅਤੇ ਇਸ ਦੇ ਸੈਨੇਟ ਮੈਂਬਰਾਂ ਵਿੱਚ ਵਧੇਰੇ ਪੰਜਾਬੀ ਤੇ ਸਿੱਖ ਭਾਈਚਾਰੇ ਨਾਲ ਸਬੰਧਤ ਸ਼ਖ਼ਸੀਅਤਾਂ ਦੀ ਨੁਮਾਇੰਦਗੀ ਹੋਣੀ ਚਾਹੀਦੀ ਹੈ। ਉਨ੍ਹਾਂ ਇਸ ਸਬੰਧੀ ਪੱਤਰ ਦੀ ਕਾਪੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵੀ ਭੇਜੀ ਹੈ। ਪਰ ਉਨ੍ਹਾਂ ਅਫਸੋਸ ਪ੍ਰਗਟਾਇਆ ਕਿ ਇਨ੍ਹਾਂ ਸਿੱਖ ਸੰਸਥਾਵਾਂ ਵੱਲੋਂ ਵੀ ਹੁਣ ਤੱਕ ਇਸ ਮਾਮਲੇ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।