ਨਿੱਜੀ ਪੱਤਰ ਪ੍ਰੇਰਕ
ਖਮਾਣੋਂ, 1 ਜੁਲਾਈ
ਨੇੜਲੇ ਪਿੰਡ ਲਖਣਪੁਰ ਵਿੱਚ ਟੋਭੇ ਦੀ ਸਫ਼ਾਈ ਨਾ ਹੋਣ ਕਾਰਨ ਪਿੰਡ ਵਾਸੀਆਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਯੂਥ ਵਿੰਗ ਦੇ ਪ੍ਰਧਾਨ ਸਿਮਰਨਜੀਤ ਸਿੰਘ ਗਰਚਾ ਅਤੇ ਸਾਧੂ ਸਿੰਘ ਗਰਚਾ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਵਿੱਚ ਇਹ ਟੋਭਾ ਭਰ ਜਾਂਦਾ ਹੈ ਅਤੇ ਪਾਣੀ ਲੋਕਾਂ ਦੇ ਘਰਾਂ ਤੇ ਹੇਮਕੁੰਟ ਸਾਹਿਬ ਦੇ ਅਸਥਾਨ ਦੀ ਖੋਜ ਕਰਨ ਵਾਲੇ ਹੌਲਦਾਰ ਮੋਦਨ ਸਿੰਘ ਦੀ ਯਾਦ ਵਿੱਚ ਬਣੇ ਗੁਰਦੁਆਰਾ ਸਾਹਿਬ ਦੇ ਅੰਦਰ ਵੀ ਚਲਾ ਜਾਂਦਾ ਹੈ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਪੇਸ਼ ਆਉਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਟੋਭੇ ਦੀ ਸਫ਼ਾਈ ਨਹੀਂ ਕਰਵਾਈ ਗਈ ਅਤੇ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਹੈ ਅਤੇ ਟੋਭੇ ਵਿੱਚ ਗੰਦਗੀ ਜਮ੍ਹਾਂ ਹੋ ਚੁੱਕੀ ਹੈ, ਜਿਸ ਨਾਲ ਕੋਈ ਬੀਮਾਰੀ ਫੈ਼ਲਣ ਦਾ ਵੀ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਟੋਭੇ ਦੀ ਤੁਰੰਤ ਸਫ਼ਾਈ ਕਰਵਾਈ ਜਾਵੇੇ। ਜਦੋਂ ਇਸ ਸਬੰਧੀ ਪਿੰਡ ਦੇ ਵਸਨੀਕ ਅਤੇ ਬਲਾਕ ਸਮਿਤੀ ਮੈਂਬਰ ਵਿਸ਼ਵਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਹ ਇਸ ਮਸਲੇ ਨੂੰ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਤੇ ਬਲਾਕ ਵਿਕਾਸ ਅਫ਼ਸਰ ਖਮਾਣੋਂ ਦੇ ਧਿਆਨ ਵਿਚ ਲਿਆ ਕੇ ਇਸ ਦਾ ਹੱਲ ਕਰਵਾਉਣਗੇ।