ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਬਸੀ ਪਠਾਣਾਂ ਦੀ ਪੁਰਾਤਨ ਜੇਲ੍ਹ ਨੂੰ ਗੁਰਦੁਆਰਾ ਨੌਵੀਂ ਪਾਤਸ਼ਾਹੀ ਐਲਾਨਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਅੱਜ ਚੰਡੀਗੜ੍ਹ ’ਚ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਜਨਮ ਸ਼ਤਾਬਦੀ ਸਮੇਂ ਬਸੀ ਪਠਾਣਾਂ ਦੀ ਪੁਰਾਤਨ ਜੇਲ੍ਹ ਨੂੰ ‘ਗੁਰਦੁਆਰਾ ਨੌਵੀਂ ਪਾਤਸ਼ਾਹੀ’ ਐਲਾਨਣ ਦਾ ਇਹ ਢੁਕਵਾਂ ਸਮਾਂ ਹੈ। ਇਹ ਸਥਾਨ ਤਿੰਨ ਸਦੀਆਂ ਤੋਂ ਵੀ ਵੱਧ ਸਮਾਂ ਅਣਗੌਲਿਆ ਰਿਹਾ ਜਦਕਿ ਸਿੱਖ ਇਤਿਹਾਸਕਾਰਾਂ ਨੇ ਦਸਤਾਵੇਜ਼ੀ ਹਵਾਲੇ ਦੇ ਕੇ ਇਹ ਸਿੱਧ ਕੀਤਾ ਹੈ ਕਿ ਗੁਰੂ ਤੇਗ ਬਹਾਦਰ ਸਣੇ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਇਸ ਜੇਲ੍ਹ ਦੀ ਹਵਾਲਾਤ ਵਿੱਚ ਲਗਪਗ ਚਾਰ ਮਹੀਨੇ ਤੱਕ ਕੈਦ ਰਹੇ। -ਟਨਸ