ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਸਤੰਬਰ
ਯੂਥ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਐਸਸੀ ਸਕਾਲਰਸ਼ਿਪ ਘੁਟਾਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ ਅਤੇ ਬਲਵਿੰਦਰ ਧਾਲੀਵਾਲ ਤੋਂ ਹਿਰਾਸਤੀ ਪੁੱਛਗਿੱਛ ਕੀਤੀ ਜਾਵੇ ਤਾਂ ਕਿ ਇਹ ਪਤਾ ਲੱਗ ਸਕੇ ਕਿ ਪੈਸਾ ਕਿਸ ਕਿਸ ਦੇ ਹੱਥ ਗਿਆ ਹੈ ਅਤੇ ਪ੍ਰਦੇਸ਼ ਕਾਂਗਰਸ ਤੇ ਕਾਂਗਰਸ ਹਾਈ ਕਮਾਂਡ ਨੂੰ ਮਿਲੀ ਰਿਸ਼ਵਤ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਐਲਾਨ ਕੀਤਾ ਕਿ ਐਸਸੀ ਸਕਾਲਰਸ਼ਿਪ ਘੁਟਾਲੇ ਵਿਚ ਸ਼ਾਮਲ ਐਸਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਹੋਰ ਦੋਸ਼ੀਆਂ ਖ਼ਿਲਾਫ਼ ਸੰਘਰਸ਼ ਤੇਜ਼ ਕੀਤਾ ਜਾਵੇਗਾ। ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਬਲਵਿੰਦਰ ਸਿੰਘ ਧਾਲੀਵਾਲ ਨੇ ਪ੍ਰਾਈਵੇਟ ਵਿਦਿਅਕ ਅਦਾਰਿਆਂ ਨੂੰ ਗਲਤ ਤਰੀਕੇ ਨਾਲ 16.91 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਨੌਕਰੀ ਤੋਂ ਅਸਤੀਫ਼ਾ ਦੇਣ ਮਗਰੋਂ ਧਾਲੀਵਾਲ ਨੂੰ ਹੀ ਟਿਕਟ ਦੇ ਦਿੱਤੀ ਗਈ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਸਮੇਤ ਹੋਰ ਸੀਨੀਅਰ ਆਗੂਆਂ ਨੂੰ ਅਣਡਿੱਠ ਕਰ ਦਿੱਤਾ ਗਿਆ। ਇਸ ਦਾ ਇਕਲੌਤਾ ਕਾਰਨ ਇਹ ਸੀ ਕਿ ਉਨ੍ਹਾਂ ਕੋਲ ਦਲਿਤ ਵਿਦਿਆਰਥੀਆਂ ਲਈ ਆਏ ਐਸਸੀ ਸਕਾਲਰਸ਼ਿਪ ਦਾ ਘੁਟਾਲਾ ਕਰਨ ਮਗਰੋਂ ਖ਼ਰਚਣ ਲਈ ਚੋਖੇ ਫੰਡ ਸਨ।
ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਵੱਲੋਂ ਐਸਸੀ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਲਈ ਬਣਾਈ ਕਮੇਟੀ ਭੰਗ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਵਧੀਕ ਮੁੱਖ ਸਕੱਤਰ ਨੇ ਹੀ ਇਹ ਦੱਸ ਦਿੱਤਾ ਹੈ ਕਿ ਐਸਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਹੀ 63 ਕਰੋੜ ਰੁਪਏ ਘੁਟਾਲੇ ਦਾ ਮੁੱਖ ਦੋਸ਼ੀ ਹੈ ਤਾਂ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ।