ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਅਗਸਤ
ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਸ਼ਾਮਲ ਸਿਪਾਹੀ ਦਿਲਾਵਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਉਣ ਦੀ ਮੰਗ ਨੂੰ ਲੈ ਕੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕਾਰਕੁਨਾਂ ਵਲੋਂ ਅੱਜ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ।
ਜਥੇਬੰਦੀ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦੀ ਅਗਵਾਈ ਵਿੱਚ ਭਾਈ ਭੁਪਿੰਦਰ ਸਿੰਘ, ਗਿਆਨੀ ਸਿਮਰਨਜੀਤ ਸਿੰਘ, ਭਾਈ ਗਗਨਦੀਪ ਸਿੰਘ ਅਤੇ ਭਾਈ ਮਨਜੀਤ ਸਿੰਘ ਨੇ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਜਥੇਦਾਰ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ 2012 ਵਿਚ ਅਕਾਲ ਤਖਤ ਵਲੋਂ ਦਿਲਾਵਰ ਸਿੰਘ ਨੂੰ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਗਿਆ ਸੀ ਪਰ ਹੁਣ ਤਕ ਉਸ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਨਹੀਂ ਲਾਈ ਗਈ। ਉਨ੍ਹਾਂ ਦੱਸਿਆ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਫ਼ੈਡਰੇਸ਼ਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਹ ਤਸਵੀਰ ਜਲਦੀ ਲਗਵਾ ਦਿੱਤੀ ਜਾਵੇਗੀ। ਫ਼ੈਡਰੇਸ਼ਨ ਆਗੂਆਂ ਨੇ ਦੱਸਿਆ ਕਿ ਅੱਜ ਇਸ ਮੌਕੇ ਜਥੇਦਾਰ ਨਾਲ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ, ਲਾਪਤਾ 328 ਪਾਵਨ ਸਰੂਪਾਂ, ਪੁਰਾਤਨ ਅਤੇ ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ, ਸ਼੍ਰੋਮਣੀ ਕਮੇਟੀ ਦੀ ਟਾਸਕ ਫ਼ੋਰਸ ਦੇ ਸਿੱਖ ਸੰਗਤਾਂ ਨਾਲ ਮਾੜੇ ਵਤੀਰੇ, ਗੁਰਦੁਆਰਾ ਕਮੇਟੀਆਂ ਦੇ ਮੈਂਬਰ ਅੰਮ੍ਰਿਤਧਾਰੀ ਹੋਣ ਬਾਰੇ ਤੇ ਸ਼ਹੀਦਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਗੱਲਬਾਤ ਕੀਤੀ ਗਈ।