ਆਤਿਸ਼ ਗੁਪਤਾ
ਚੰਡੀਗੜ੍ਹ, 15 ਮਈ
ਗਰਮੀ ਵਧਣ ਦੇ ਨਾਲ ਹੀ ਪੰਜਾਬ ’ਚ ਬਿਜਲੀ ਦੀ ਮੰਗ ਵੀ ਵਧ ਗਈ ਹੈ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਬਿਜਲੀ ਦੀ ਮੰਗ 11,329 ਮੈਗਾਵਾਟ ’ਤੇ ਪਹੁੰਚ ਗਈ, ਜੋ ਇਕ ਦਿਨ ਪਹਿਲਾਂ 10,600 ਮੈਗਾਵਾਟ ਦੇ ਕਰੀਬ ਦਰਜ ਕੀਤੀ ਗਈ ਸੀ। ਪਿਛਲੇ ਸਾਲ ਅੱਜ ਦੇ ਦਿਨ ਹੀ ਬਿਜਲੀ ਦੀ ਮੰਗ 11,779 ਮੈਗਾਵਾਟ ਦਰਜ ਕੀਤੀ ਗਈ ਸੀ। ਬਿਜਲੀ ਦੀ ਮੰਗ ਵਧਣ ਕਾਰਨ ਸੂਬੇ ਵਿੱਚ ਸਰਕਾਰੀ ਤੇ ਨਿੱਜੀ ਖੇਤਰ ਦੇ ਪੰਜ ਥਰਮਲ ਪਲਾਂਟਾਂ ਦੇ 15 ਯੂਨਿਟਾਂ ਵਿੱਚੋਂ 12 ਯੂਨਿਟ ਚੱਲ ਰਹੇ ਹਨ। ਰੋਪੜ ਥਰਮਲ ਪਲਾਂਟ ਦਾ ਇਕ ਯੂਨਿਟ, ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦੇ ਦੋ ਯੂਨਿਟਾਂ ’ਚੋਂ ਇਕ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਤਿੰਨ ਯੂਨਿਟਾਂ ’ਚੋਂ ਇਕ ਯੂਨਿਟ ਬੰਦ ਹੈ।
ਰੋਪੜ ਥਰਮਲ ਪਲਾਂਟ ਦੇ ਚਾਰ ਯੂਨਿਟਾਂ ਵਿੱਚੋਂ ਤਿੰਨ ਯੂਨਿਟ ਚੱਲ ਰਹੇ ਹਨ ਜਿੱਥੋਂ 545 ਮੈਗਾਵਾਟ ਬਿਜਲੀ ਉਤਪਾਦਨ ਹੋ ਰਿਹਾ ਹੈ। ਗੋਇੰਦਵਾਲ ਥਰਮਲ ਪਲਾਂਟ ਦੇ ਦੋ ਯੂਨਿਟਾਂ ’ਚੋਂ ਇਕ ਚੱਲ ਰਿਹਾ ਹੈ ਤੇ 253 ਮੈਗਾਵਾਟ ਬਿਜਲੀ ਪੈਦਾ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਸਾਰੇ ਚਾਰ ਯੂਨਿਟ ਚੱਲ ਰਹੇ ਹਨ। ਇਹ ਥਰਮਲ ਪਲਾਂਟ 828 ਮੈਗਾਵਾਟ ਬਿਜਲੀ ਦਾ ਉਦਪਾਦਨ ਕਰ ਰਿਹਾ ਹੈ। ਦੂਜੇ ਪਾਸੇ ਨਿੱਜੀ ਖੇਤਰ ਦੇ ਰਾਜਪੁਰਾ ਥਰਮਲ ਪਲਾਂਟ ਦੇ ਦੋਵੇਂ ਯੁੂਨਿਟ ਚੱਲ ਰਹੇ ਹਨ, ਜਿੱਥੇ 1301 ਮੈਗਾਵਾਟ ਬਿਜਲੀ ਦਾ ਉਤਪਾਦਨ ਕੀਤਾ ਜਾ ਰਿਹਾ ਹੈ। ਤਲਵੰਡੀ ਸਾਬੋ ਥਰਮਲ ਪਲਾਂਟ ਦੇ ਤਿੰਨ ਵਿੱਚੋਂ ਦੋ ਯੂਨਿਟ ਕਾਰਜਸ਼ੀਲ ਹਨ, ਜਿੱਥੇ 1265 ਮੈਗਾਵਾਟ ਬਿਜਲੀ ਦਾ ਉਤਪਾਦਨ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਗਰਮੀ ਵਧਣ ਦੇ ਨਾਲ ਬਿਜਲੀ ਦੀ ਮੰਗ ਵੀ ਹੋਰ ਵਧੇਗੀ।
ਸੂਬੇ ਵਿੱਚ ਤਾਪਮਾਨ 46 ਡਿਗਰੀ ਤੋਂ ਪਾਰ
ਪੰਜਾਬ ਵਿੱਚ ਤਾਪਮਾਨ 46 ਡਿਗਰੀ ਸੈਲਸੀਅਸ ਤੋਂ ਟੱਪ ਗਿਆ ਹੈ। ਪੰਜਾਬ ਦਾ ਫ਼ਰੀਦਕੋਟ ਸ਼ਹਿਰ ਅੱਜ ਸਭ ਤੋਂ ਵੱਧ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 46.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 4 ਡਿਗਰੀ ਸੈਲਸੀਅਸ ਵੱਧ ਹੈ। ਇਸੇ ਦੌਰਾਨ ਬਠਿੰਡਾ, ਫ਼ਾਜ਼ਿਲਕਾ ਤੇ ਲੁਧਿਆਣਾ ਵਿੱਚ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਵੱਧ ਅਤੇ ਚੰਡੀਗੜ੍ਹ, ਅੰਮ੍ਰਿਤਸਰ, ਪਟਿਆਲਾ, ਗੁਰਦਾਸਪੁਰ ਤੇ ਕਈ ਹੋਰ ਸ਼ਹਿਰਾਂ ਵਿੱਚ ਤਾਪਮਾਨ 41 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ ਹੈ।