ਆਤਿਸ਼ ਗੁਪਤਾ
ਚੰਡੀਗੜ੍ਹ, 9 ਅਪਰੈਲ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇੱਕ ਵਿਧਾਇਕ-ਇੱਕ ਪੈਨਸ਼ਨ ਦੇਣ ਦੇ ਐਲਾਨ ਤੋਂ ਬਾਅਦ ‘ਆਪ’ ਨੇ ਹਰਿਆਣਾ ਸਰਕਾਰ ਨੂੰ ਵੀ ਅਜਿਹਾ ਫ਼ੈਸਲਾ ਕਰਨ ਦੀ ਮੰਗ ਕੀਤੀ ਹੈ। ‘ਆਪ’ ਹਰਿਆਣਾ ਦੇ ਇੰਚਾਰਜ ਅਤੇ ਦਿੱਲੀ ਤੋਂ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਸਰਕਾਰ ਨੂੰ ਇਸ ਸਬੰਧੀ ਵਿਧਾਨ ਸਭਾ ਵਿੱਚ ਮਤਾ ਲਿਆਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਇਕ ਵਿਧਾਇਕ-ਇਕ ਪੈਨਸ਼ਨ’ ਸਕੀਮ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ। ਹਰਿਆਣਾ ਸਰਕਾਰ ਨੂੰ ਵੀ ਪੰਜਾਬ ਸਰਕਾਰ ਦੀ ਤਰਜ਼ ’ਤੇ ਅਜਿਹਾ ਫ਼ੈਸਲਾ ਲੈਣਾ ਚਾਹੀਦਾ ਹੈ।
ਐੱਸਵਾਈਐਲ ਦੇ ਮੁੱਦੇ ’ਤੇ ‘ਆਪ’ ਆਗੂ ਨੇ ਕਿਹਾ ਕਿ ਪੰਜਾਬ, ਹਰਿਆਣਾ ਅਤੇ ਕੇਂਦਰ ਵਿੱਚ ਕਈ ਵਾਰ ਭਾਜਪਾ ਗੱਠਜੋੜ ਅਤੇ ਕਾਂਗਰਸ ਦੀਆਂ ਸਰਕਾਰਾਂ ਰਹੀਆਂ ਹਨ ਪਰ ਇਨ੍ਹਾਂ ਨੇ ਕਦੇ ਵੀ ਮਸਲਾ ਹੱਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਐੱਸਵਾਈਐੱਲ ਮੁੱਦੇ ’ਤੇ ਸੁਪਰੀਮ ਕੋਰਟ ਦਾ ਜੋ ਵੀ ਫ਼ੈਸਲਾ ਹੋਵੇਗਾ, ਉਹ ਮਨਜ਼ੂਰ ਹੋਵੇਗਾ।
ਨਿਰਮਲ ਸਿੰਘ ਨੇ ਪੈਨਸ਼ਨ ਛੱਡੀ
ਦੋ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਮੰਤਰੀ ਅਤੇ ਚਾਰ ਵਾਰ ਵਿਧਾਇਕ ਰਹਿਣ ਵਾਲੇ ਨਿਰਮਲ ਸਿੰਘ ਨੇ ਅੱਜ ਆਪਣੀ ਤਿੰਨ ਵਾਰ ਦੀ ਪੈਨਸ਼ਨ ਛੱਡਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਹੋਰ ਸਿਆਸੀ ਆਗੂਆਂ ਨੂੰ ਸੂਬੇ ਅਤੇ ਦੇਸ਼ ਦੀ ਭਲਾਈ ਲਈ ਇਕ ਪੈਨਸ਼ਨ ਲੈਣ ਦੀ ਅਪੀਲ ਕੀਤੀ।